politics-crime-education-news-punjab

ਮੁੱਖ ਮੰਤਰੀ ਵੱਲੋਂ ‘ਸਕੂਲ ਆਫ਼ ਐਮੀਨੈਂਸ’ ਦੀ ਸ਼ੁਰੂਆਤ, ਪੰਜਾਬ ਨੂੰ ਮਿਲੇਗੀ ਮਿਆਰੀ ਸਿੱਖਿਆ

ਸਿੱਖਿਆ ਖੇਤਰ ਵਿਚ ਨਵੇਂ ਇਨਕਲਾਬ ਦਾ ਆਗਾਜ਼

ਹੁਣ ਬਾਹਰੋਂ ਲੋਕ ਦਿੱਲੀ ਵਾਂਗ ਪੰਜਾਬ ਦੇ ਸਕੂਲ ਵੀ ਵੇਖਣ ਆਇਆ ਕਰਨਗੇ

Jan22,2023 | NARINDER KUMAR |

*ਸਿੱਖਿਆ ਖੇਤਰ ’ਚ ਪੰਜਾਬ ਹੁਣ ਬਣੇਗਾ ਨੰਬਰ ਇਕ ਸੂਬਾ, ਪਹਿਲਾਂ ਫਰਜ਼ੀ ਅੰਕੜਿਆਂ ਰਾਹੀਂ ਝੂਠੇ ਦਾਅਵੇ ਕੀਤੇ ਜਾਂਦੇ ਸੀ-ਮੁੱਖ ਮੰਤਰੀ* *ਪਿਛਲੀਆਂ ਸਰਕਾਰਾਂ ਨੇ ਸਿੱਖਿਆ ਵੱਲ ਧਿਆਨ ਦਿੱਤਾ ਹੁੰਦਾ ਤਾਂ ਨੌਜਵਾਨਾਂ ਦਾ ਭਵਿੱਖ ਤਬਾਹ ਨਾ ਹੁੰਦਾ* *-ਸਕੂਲ ਆਫ਼ ਐਮੀਨੈਂਸ’ ਦੇ ਨਾਂ ਸ਼ਹੀਦਾਂ ਤੇ ਆਜ਼ਾਦੀ ਘੁਲਾਟੀਆਂ ਦੇ ਨਾਂ ਉਤੇ ਰੱਖਣ ਦਾ ਐਲਾਨ* ਸੂਬੇ ਵਿਚ ਆਹਲਾ ਦਰਜੇ ਦੀਆਂ ਸਹੂਲਤਾਂ ਵਾਲੇ ‘ਸਕੂਲ ਆਫ਼ ਐਮੀਨੈਂਸ’ ਨੂੰ ਹੋਣਹਾਰ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ ਚਾਨਣ ਮੁਨਾਰਾ ਦੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਹੁਣ ਪੰਜਾਬ ਸਹੀ ਮਾਅਨਿਆਂ ਵਿਚ ਸਿੱਖਿਆ ਦੇ ਖੇਤਰ ਵਿਚ ਅੱਵਲ ਸੂਬਾ ਬਣੇਗਾ ਜਦਕਿ ਇਸ ਤੋਂ ਪਹਿਲਾਂ ਪਿਛਲੀਆਂ ਸਰਕਾਰਾਂ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਸੂਬੇ ਨੂੰ ਫਰਜ਼ੀ ਅੰਕੜਿਆਂ ਰਾਹੀਂ ਮੋਹਰੀ ਹੋਣ ਦੇ ਝੂਠੇ ਦਾਅਵੇ ਕੀਤੇ ਜਾਂਦੇ ਸੀ। ਅੱਜ ਇੱਥੇ ‘ਸਕੂਲ ਆਫ਼ ਐਮੀਨੈਂਸ’ ਦੀ ਸ਼ੁਰੂਆਤ ਕਰਨ ਮੌਕੇ ਪ੍ਰਿੰਸੀਪਲਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਮੁਖ਼ਾਤਬ ਹੁੰਦਿਆਂ ਆਖਿਆ ਕਿ ਇਹ ਪੰਜਾਬ ਦੀ ਬਦਕਿਸਮਤੀ ਹੈ ਕਿ ਸਰਕਾਰੀ ਸਕੂਲ ਬੁਨਿਆਦੀ ਸਹੂਲਤਾਂ ਨੂੰ ਤਰਸ ਰਹੇ ਸਨ ਪਰ ਪਿਛਲੀਆਂ ਸਰਕਾਰਾਂ ਨੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਝੂਠੇ ਅੰਕੜੇ ਪੇਸ਼ ਕੀਤੇ। ਮੁੱਖ ਮੰਤਰੀ ਨੇ ਕਿਹਾ ਕਿ ਅਸਲ ਵਿਚ ਪਿਛਲੀਆਂ ਸਰਕਾਰਾਂ ਨੇ ਸਿੱਖਿਆ ਵਰਗੇ ਖੇਤਰਾਂ ਨੂੰ ਪੂਰੀ ਤਰ੍ਹਾਂ ਅਣਗੌਲਿਆ ਕੀਤਾ ਜਿਸ ਨਾਲ ਸਾਡੇ ਹਜ਼ਾਰਾਂ ਬੱਚਿਆਂ ਨੂੰ ਪੜ੍ਹਾਈ ਲਈ ਅੱਗੇ ਵਧਣ ਦੇ ਮੌਕੇ ਨਸੀਬ ਨਹੀਂ ਹੋਏ। ਉਨ੍ਹਾਂ ਕਿਹਾ ਕਿ ਬਹੁਤ ਸਾਰੀਆਂ ਲੜਕੀਆਂ ਨੂੰ ਸਾਧਨਾਂ ਦੀ ਘਾਟ ਕਾਰਨ ਪੜ੍ਹਾਈ ਅੱਧ-ਵਿਚਾਲੇ ਛੱਡਣੀ ਪਈ ਜੋ ਪਿਛਲੀਆਂ ਸਰਕਾਰਾਂ ਦੀ ਨਾਕਾਮੀ ਨੂੰ ਸਿੱਧ ਕਰਦੀਆਂ ਹਨ। ਭਗਵੰਤ ਮਾਨ ਨੇ ਦਾਅਵੇ ਨਾਲ ਕਿਹਾ ਕਿ ਹੁਣ ਸਾਡੀ ਸਰਕਾਰ ਨੇ ਸੂਬੇ ਦੀ ਸਿੱਖਿਆ ਦਾ ਪੱਧਰ ਵਿਸ਼ਵ ਦੇ ਹਾਣ ਦਾ ਬਣਾਉਣ ਦਾ ਪ੍ਰਣ ਕੀਤਾ ਹੈ ਅਤੇ ਉਹ ਸਮਾਂ ਦੂਰ ਨਹੀਂ ਜਦੋਂ ਪੰਜਾਬ ਦਾ ਤਾਲੀਮਯਾਫ਼ਤਾ ਬੱਚਾ ਦੁਨੀਆ ਦੀਆਂ ਚੋਟੀ ਦੀਆਂ ਸੰਸਥਾਵਾਂ ਵਿਚ ਮੁਕਾਮ ਹਾਸਲ ਕਰੇਗਾ। ਮੁੱਖ ਮੰਤਰੀ ਨੇ ਕਿਹਾ ਕਿ ਦੁੱਖ ਇਸ ਗੱਲ ਦਾ ਹੈ ਕਿ ਪੰਜਾਬ ਨੂੰ ਸਿੱਖਿਆ, ਸਿਹਤ ਅਤੇ ਰੋਜ਼ਗਾਰ ਵਰਗੇ ਪ੍ਰਮੁੱਖ ਖੇਤਰਾਂ ਵਿੱਚ ਪਛਾੜਨ ਵਾਲੇ ਸਿਆਸਤਦਾਨ ਬੇਗਾਨੇ ਨਹੀਂ ਸਗੋਂ ਸੂਬੇ ਦੇ ਜੰਮੇ ਪਲੇ ਹਨ ਜੋ ਸਾਡੇ ਬੱਚਿਆਂ ਦਾ ਭਵਿੱਖ ਤਬਾਹ ਕਰ ਦੇਣ ਲਈ ਸਿੱਧੇ ਤੌਰ ਉੱਤੇ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਇਨ੍ਹਾਂ ਸਿਆਸਤਦਾਨਾਂ ਦੀਆਂ ਚਾਲਾਂ ਨੂੰ ਸਮਝ ਲਿਆ ਸੀ ਜਿਸ ਕਰਕੇ ਇਸ ਵਾਰ ਗੈਰ-ਸਿਆਸੀ ਪਿਛੋਕੜ ਵਾਲੇ ਨਵੇਂ ਚਿਹਰਿਆਂ ਨੂੰ ਵਿਧਾਇਕ ਬਣਾ ਕੇ ਸੂਬੇ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਜਿਨ੍ਹਾਂ ਵਿਚ ਪ੍ਰਸਿੱਧ ਡਾਕਟਰ, ਵਕੀਲ, ਕਲਾਕਾਰ ਤੇ ਹੋਰ ਹਸਤੀਆਂ ਸ਼ਾਮਲ ਹਨ। ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਆਗੂ ਤਾਂ ਹੁਣ ਵੀ ਸਾਨੂੰ ਨਿੰਦਣ ਦਾ ਕੋਈ ਮੌਕਾ ਨਹੀਂ ਛੱਡਦੇ ਕਿਉਂਕਿ ਅਸੀਂ ਸੱਤਾ ਵਿਚ ਆਉਂਦੇ ਹੀ ਪੰਜਾਬ ਵਿਚ ਮਾਫੀਆ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਨੱਥ ਪਾਈ ਹੈ ਅਤੇ ਬੁਖਲਾਏ ਹੋਏ ਇਨ੍ਹਾਂ ਆਗੂਆਂ ਨੂੰ ਇਹ ਸਭ-ਕੁਝ ਰਾਸ ਨਹੀਂ ਆ ਰਿਹਾ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ 92 ਸੀਟਾਂ ਜਿਤਾ ਕੇ ਉਨ੍ਹਾਂ ਵਿਚ ਵੱਡਾ ਵਿਸ਼ਵਾਸ ਪ੍ਰਗਟ ਕੀਤਾ ਹੈ ਅਤੇ ਉਹ ਇਹ ਭਰੋਸਾ ਕਿਸੇ ਵੀ ਕੀਮਤ ਉਤੇ ਟੁੱਟਣ ਨਹੀਂ ਦੇਣਗੇ। ਸੂਬੇ ਦੇ 23 ਜ਼ਿਲ੍ਹਿਆਂ ਵਿੱਚ ਸਥਾਪਤ ਕੀਤੇ ਜਾ ਰਹੇ 117 ‘ਸਕੂਲ ਆਫ਼ ਐਮੀਨੈਂਸ’ ਨੂੰ ਹੋਣਹਾਰ ਵਿਦਿਆਰਥੀਆਂ ਦੇ ਰੌਸ਼ਨ ਭਵਿੱਖ ਦੀਆਂ ਸੰਸਥਾਵਾਂ ਦੱਸਦਿਆਂ ਭਗਵੰਤ ਮਾਨ ਨੇ ਕਿਹਾ, -ਸਿੱਖਿਆ ਖੇਤਰ ਵਿਚ ਨਵਾਂ ਇਨਕਲਾਬ ਲੈ ਕੇ ਆਉਣ ਦਾ ਉਦੇਸ਼ ਹੋਣਹਾਰ ਅਤੇ ਕਾਬਲ ਵਿਦਿਆਰਥੀਆਂ ਖਾਸ ਕਰਕੇ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਆਪਣੇ ਸੁਪਨੇ ਸਾਕਾਰ ਕਰਨ ਲਈ ਸੇਧ ਅਤੇ ਮੌਕਾ ਦੇਣਾ ਹੈ ਤਾਂ ਕਿ ਇਹ ਵਿਦਿਆਰਥੀ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਦੇਸ਼ ਦੇ ਬਾਕੀ ਬੱਚਿਆਂ ਨੂੰ ਪਛਾੜ ਕੇ ਚੰਗੇ ਰੈਂਕ ਹਾਸਲ ਕਰ ਸਕਣ। ਇਨ੍ਹਾਂ ਸਕੂਲਾਂ ਨੂੰ ਵਿਦਿਆਰਥੀਆਂ ਦੇ ਛੁਪੇ ਹੋਏ ਹੁਨਰ ਨੂੰ ਤਰਾਸ਼ਣ ਤੇ ਨਿਖਾਰਨ ਵਾਲੀਆਂ ਸੰਸਥਾਵਾਂ ਦੇ ਰੂਪ ਵਿਚ ਵਿਕਸਤ ਕੀਤਾ ਜਾਵੇਗਾ ਤਾਂ ਕਿ ਵਿਦਿਆਰਥੀ ਆਪਣੇ ਮਨਪਸੰਦ ਕਿੱਤੇ ਦੀ ਚੋਣ ਕਰ ਸਕੇ।- ‘ਸਕੂਲ ਆਫ਼ ਐਮੀਨੈਂਸ’ ਨੂੰ ਦੇਸ਼ ਦੀ ਆਜ਼ਾਦੀ ਖਾਤਰ ਜੀਵਨ ਕੁਰਬਾਨ ਕਰਨ ਵਾਲੇ ਮਹਾਨ ਸ਼ਹੀਦਾਂ ਦੇ ਸੁਪਨਿਆਂ ਦੇ ਸਕੂਲ ਕਰਾਰ ਦਿੰਦਿਆਂ ਮੁੱਖ ਮੰਤਰੀ ਨੇ ਇਨ੍ਹਾਂ ਸਕੂਲ਼ਾਂ ਦੇ ਨਾਮ ਵੀ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਦੇ ਨਾਮ ਉੱਤੇ ਰੱਖਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਹ ਨਿਮਾਣਾ ਜਿਹਾ ਉਪਰਾਲਾ ਸਹੀ ਮਾਅਨਿਆਂ ਵਿੱਚ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਸਰਕਾਰੀ ਸਕੂਲਾਂ ਨੂੰ ਸਾਲ 2022 ਦੇ ਹਾਣ ਦਾ ਬਣਾਏਗੀ ਤੇ ਯਕੀਨਨ ਤੌਰ ਉਤੇ ਪੰਜਾਬ ਦੇਸ਼ ਭਰ ਵਿਚ ਰੋਲ ਮਾਡਲ ਬਣ ਕੇ ਉੱਭਰੇਗਾ। ਭਗਵੰਤ ਮਾਨ ਨੇ ਕਿਹਾ, “ਉਹ ਦਿਨ ਹੁਣ ਦੂਰ ਨਹੀਂ ਜਦੋਂ ਸੂਬੇ ਦੇ ਸਰਕਾਰੀ ਸਕੂਲ, ਪ੍ਰਾਈਵੇਟ ਸਕੂਲਾਂ ਨਾਲੋਂ ਬਿਹਤਰ ਸਿੱਖਿਆ ਮੁਹੱਈਆ ਕਰਵਾਉਣਗੇ ਅਤੇ ਮਾਪੇ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਪੜ੍ਹਾਉਣ ਵਿਚ ਮਾਣ ਮਹਿਸੂਸ ਕਰਿਆ ਕਰਨਗੇ।” ਉਨ੍ਹਾਂ ਕਿਹਾ ਕਿ ਦਿੱਲੀ ਵਿਚ ਅਜਿਹੇ ਸਕੂਲਾਂ ਨੇ ਉਥੇ ਦੇ ਸਿੱਖਿਆ ਖੇਤਰ ਦੀ ਤਸਵੀਰ ਬਦਲ ਦਿੱਤੀ ਹੈ ਅਤੇ ਅੱਜ ਉਥੇ ਸਰਕਾਰੀ ਸਕੂਲ ਸ਼ਾਨਦਾਰ ਕਾਰਗੁਜ਼ਾਰੀ ਦਿਖਾ ਰਹੇ ਹਨ। ਅਧਿਆਪਕਾਂ ਨੂੰ ਕੌਮ ਦੇ ਨਿਰਮਾਤਾ ਦੱਸਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿਚ ਸਿੱਖਿਆ ਦਾ ਪੱਧਰ ਉਚਾ ਚੁੱਕਣ ਵਿਚ ਸਭ ਤੋਂ ਅਹਿਮ ਭੂਮਿਕਾ ਅਧਿਆਪਕਾਂ ਨੇ ਨਿਭਾਉਣੀ ਹੈ ਜਿਸ ਕਰਕੇ ਹਰੇਕ ਅਧਿਆਪਕ ਨੂੰ ਸਿੱਖਿਆ ਦੀ ਨਵੀਂ ਕ੍ਰਾਂਤੀ ਵਿਚ ਵਧ-ਚੜ੍ਹ ਕੇ ਸ਼ਾਮਲ ਹੋਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨੇ ਪਹਿਲੇ ਬੈਚ ਵਿਚ 36 ਅਧਿਆਪਕਾਂ ਨੂੰ ਸਿੰਗਾਪੁਰ ਵਿਚ ਅਧਿਆਪਨ ਸਿਖਲਾਈ ਲਈ ਭੇਜਣ ਦਾ ਫੈਸਲਾ ਕੀਤਾ ਹੈ ਤਾਂ ਕਿ ਸਾਡੇ ਅਧਿਆਪਕ ਦੁਨੀਆ ਦੀ ਵਿਕਸਤ ਸਿੱਖਿਆ ਪ੍ਰਣਾਲੀ ਬਾਰੇ ਜਾਣੂੰ ਹੋ ਸਕਣ। ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਸ ਵਿਚ ਕੋਈ ਸ਼ੱਕ ਨਹੀਂ ਕਿ ਹੁਣ ਸਿੱਖਿਆ ਮਹਿਕਮੇ ਦੀ ਤਸਵੀਰ ਬਦਲ ਰਹੀ ਹੈ ਅਤੇ ਆਏ ਦਿਨ ਵੱਡੀਆਂ ਤਬਦੀਲੀਆਂ ਦੇਖਣ ਨੂੰ ਮਿਲ ਰਹੀਆਂ ਹਨ। ‘ਸਕੂਲ ਆਫ਼ ਐਮੀਨੈਂਸ’ ਨੂੰ ਮੁੱਖ ਮੰਤਰੀ ਦਾ ਸੁਪਨਮਈ ਪ੍ਰਾਜੈਕਟ ਕਰਾਰ ਦਿੰਦੇ ਹੋਏ ਸਿੱਖਿਆ ਮੰਤਰੀ ਨੇ ਭਰੋਸੇ ਨਾਲ ਕਿਹਾ ਕਿ ਇਹ ਸਕੂਲ, ਪ੍ਰਾਈਵੇਟ ਸਕੂਲਾਂ ਨਾਲੋਂ ਬਿਹਤਰ ਕਾਰਗੁਜ਼ਾਰੀ ਦਿਖਾਉਣਗੇ ਅਤੇ ਹੁਣ ਕੋਈ ਵੀ ਕਾਬਲ ਬੱਚਾ ਸਿੱਖਿਆ ਦੇ ਚੰਗੇ ਮੌਕਿਆਂ ਤੋਂ ਵਾਂਝਾ ਨਹੀਂ ਰਹੇਗਾ। ਇਸ ਮੌਕੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੀ ਹਾਜ਼ਰ ਸਨ।

politics-crime-education-news-punjab


pbpunjab ad banner image
pbpunjab ad banner image> pbpunjab ad banner image>

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Subscribe Us


Address


PB Punjab News
G T ROAD, Ludhiana-141008
Mobile: +91 99880 29299 Mobile:
Land Line: +91 99880 29299
Email: pbpunjabnews@gmail.com