ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉੱਤਰੀ ਭਾਰਤ ਦੇ ਪਸੰਦੀਦਾ ਨਿਵੇਸ਼ ਸਥਾਨ ਵਜੋਂ ਪੰਜਾਬ ਦੀ ਸਥਿਤੀ ਨੂੰ ਪੇਸ਼ ਕੀਤਾ। ਉਨ੍ਹਾਂ ਨੇ ਸੂਬੇ ਦੀ ਭੂਗੋਲਿਕ ਸਥਿਤੀ, ਰਾਸ਼ਟਰੀ ਰਾਜਧਾਨੀ ਖੇਤਰ (ਐਨ.ਸੀ.ਆਰ.) ਅਤੇ ਪ੍ਰਮੁੱਖ ਬੰਦਰਗਾਹਾਂ ਨਾਲ ਨਿਰਵਿਘਨ ਸੰਪਰਕ, ਮਜ਼ਬੂਤ ਉਦਯੋਗਿਕ ਕਲੱਸਟਰਾਂ, ਨਿਰਵਿਘਨ ਮਿਆਰੀ ਬਿਜਲੀ ਸਪਲਾਈ, ਹੁਨਰਮੰਦ ਕਰਮਚਾਰੀਆਂ ਅਤੇ ਅਗਾਂਹਵਧੂ ਨੀਤੀਆਂ ਦੇ ਤਾਣੇ-ਬਾਣੇ ਬਾਰੇ ਦੱਸਿਆ। ਮੁੱਖ ਮੰਤਰੀ ਨੇ ਐਚ.ਪੀ.ਸੀ.ਐਲ. ਦੇ ਵਫ਼ਦ ਨੂੰ ਪੰਜਾਬ ਦੇ ਪ੍ਰਸ਼ਾਸਨਿਕ ਅਤੇ ਰੈਗੂਲੇਟਰੀ ਸੁਧਾਰਾਂ ਬਾਰੇ ਵੀ ਜਾਣੂ ਕਰਵਾਇਆ, ਜਿਸ ਵਿੱਚ 173 ਤੋਂ ਵੱਧ ਸਰਕਾਰੀ-ਤੋਂ-ਵਪਾਰਕ (G2B) ਸੇਵਾਵਾਂ ਪ੍ਰਦਾਨ ਕਰਨ ਵਾਲਾ 'ਫਾਸਟ ਟ੍ਰੈਕ ਪੰਜਾਬ' ਸਿੰਗਲ-ਵਿੰਡੋ ਸਿਸਟਮ, ਆਟੋ-ਡੀਮਡ ਪ੍ਰਵਾਨਗੀਆਂ, ਪੈਨ ਅਧਾਰਤ ਵਪਾਰਕ ਪਛਾਣਕਰਤਾ ਅਤੇ 'ਪੰਜਾਬ ਰਾਈਟ ਟੂ ਬਿਜ਼ਨਸ ਐਕਟ' ਵਿੱਚ ਕੀਤੀਆਂ ਸੋਧਾਂ ਸ਼ਾਮਲ ਹਨ, ਜੋ ਸਮੇਂ ਸਿਰ ਸਾਂਝੀਆਂ ਪ੍ਰਵਾਨਗੀਆਂ ਨੂੰ ਸੰਭਵ ਬਣਾਉਂਦੀਆਂ ਹਨ।
ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ ਦਾ ਵਿਜ਼ਨ ਬਿਲਕੁਲ ਸਪੱਸ਼ਟ ਹੈ। ਅਸੀਂ ਨੀਤੀਆਂ ਵਿੱਚ ਸਥਿਰਤਾ, ਫੈਸਲੇ ਲੈਣ ਵਿੱਚ ਤੇਜ਼ੀ ਅਤੇ ਅਜਿਹੀ ਸ਼ਾਸਨ ਪ੍ਰਣਾਲੀ ਪ੍ਰਦਾਨ ਕਰਕੇ ਪੰਜਾਬ ਨੂੰ ਵਿਸ਼ਵਵਿਆਪੀ ਉਦਯੋਗਾਂ ਲਈ ਇੱਕ ਪਸੰਦੀਦਾ ਸਥਾਨ ਬਣਾਉਣਾ ਚਾਹੁੰਦੇ ਹਾਂ, ਜੋ ਨਿਵੇਸ਼ਕਾਂ ਦੇ ਸਮੇਂ ਅਤੇ ਭਰੋਸੇ ਦਾ ਸਤਿਕਾਰ ਕਰੇ।”
ਮੁੱਖ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਨਿਵੇਸ਼ ਨੂੰ ਉਤਸ਼ਾਹਿਤ ਕਰਨ ਅਤੇ ਉਦਯੋਗਾਂ ਲਈ ਸਾਜ਼ਗਾਰ ਮਾਹੌਲ ਸਿਰਜਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ, "ਇਹ ਬਹੁਤ ਉਤਸ਼ਾਹਜਨਕ ਹੈ ਕਿ ਐਚ.ਪੀ.ਸੀ.ਐਲ. ਨੇ ਪੰਜਾਬ ਵਿੱਚ ਰਿਫਾਇਨਰੀ ਅਤੇ ਬਾਇਓਗੈਸ ਵਰਗੇ ਮੁੱਖ ਖੇਤਰਾਂ ਵਿੱਚ ਨਿਵੇਸ਼ ਕਰਨ ਵਿੱਚ ਡੂੰਘੀ ਦਿਲਚਸਪੀ ਦਿਖਾਈ ਹੈ। ਇਹ ਨਿਵੇਸ਼ ਸੂਬੇ ਨੂੰ ਵੱਡਾ ਲਾਭ ਪਹੁੰਚਾਉਣਗੇ। ਆਰਥਿਕ ਗਤੀਵਿਧੀਆਂ ਨੂੰ ਵੱਡਾ ਹੁਲਾਰਾ ਦੇਣ ਤੋਂ ਇਲਾਵਾ ਇਹ ਪ੍ਰੋਜੈਕਟ ਪੰਜਾਬ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹਣਗੇ।"
ਮੁੱਖ ਮੰਤਰੀ ਨੇ ਅੱਗੇ ਕਿਹਾ, "ਇਹ ਖ਼ੁਸ਼ੀ ਦੀ ਗੱਲ ਹੈ ਕਿ ਐਚ.ਪੀ.ਸੀ.ਐਲ.-ਮਿੱਤਲ ਐਨਰਜੀ ਲਿਮਟਿਡ 2ਜੀ ਤਕਨਾਲੋਜੀ 'ਤੇ ਕੰਮ ਕਰਕੇ ਬਠਿੰਡਾ ਵਿੱਚ ਆਪਣੇ ਕੰਮਕਾਜ ਦਾ ਹੋਰ ਵਿਸਤਾਰ ਕਰ ਰਹੀ ਹੈ। ਇਸ ਉਪਰਾਲੇ ਵਿੱਚ ਖੇਤੀਬਾੜੀ ਦੀ ਰਹਿੰਦ-ਖੂੰਹਦ ਤੋਂ ਕੀਮਤੀ ਉਤਪਾਦ ਤਿਆਰ ਕਰਦੇ ਹੋਏ ਬਾਇਓਫਿਊਲ ਖੇਤਰ ਨੂੰ ਮਜ਼ਬੂਤ ਕਰਨ ਦੀ ਬੇਹੱਦ ਸੰਭਾਵਨਾ ਹੈ।"
ਉਨ੍ਹਾਂ ਅੱਗੇ ਦੱਸਿਆ ਕਿ ਕੰਪਨੀ ਪੰਜਾਬ ਭਰ ਵਿੱਚ ਦਸ ਬਾਇਓਗੈਸ ਪਲਾਂਟ ਸਥਾਪਤ ਕਰਨ ਦੀ ਪ੍ਰਕਿਰਿਆ ਵਿੱਚ ਹੈ, ਜਿਨ੍ਹਾਂ ਵਿੱਚੋਂ ਪੰਜ ਪਹਿਲਾਂ ਹੀ ਚਾਲੂ ਹੋ ਚੁੱਕੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਇਹ ਬਾਇਓਗੈਸ ਪ੍ਰੋਜੈਕਟ ਸੂਬੇ ਵਿੱਚ ਖੇਤੀਬਾੜੀ ਰਹਿੰਦ-ਖੂੰਹਦ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਨੂੰ ਯਕੀਨੀ ਬਣਾਉਣ ਵਿੱਚ ਬਹੁਤ ਸਹਾਈ ਸਿੱਧ ਹੋਣਗੇ। ਇਸ ਨਾਲ ਨਾ ਸਿਰਫ਼ ਵਾਤਾਵਰਨ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਵਿੱਚ ਮਦਦ ਮਿਲੇਗੀ, ਸਗੋਂ ਕਿਸਾਨਾਂ ਨੂੰ ਵੀ ਭਰਪੂਰ ਲਾਭ ਹੋਵੇਗਾ।"
ਐਚ.ਪੀ.ਸੀ.ਐਲ. ਦੇ ਵਫ਼ਦ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨਿਵੇਸ਼ ਨੂੰ ਆਕਰਸ਼ਿਤ ਕਰਨ ਅਤੇ ਉਦਯੋਗਿਕ ਵਿਸਤਾਰ ਨੂੰ ਸੁਖਾਲਾ ਬਣਾਉਣ ਦੀ ਆਪਣੀ ਵਚਨਬੱਧਤਾ 'ਤੇ ਦ੍ਰਿੜ੍ਹ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਾਅਵਾ ਕੀਤਾ, "ਨਿਵੇਸ਼ਕ ਸੱਚੇ ਦੇਸ਼ ਭਗਤ ਹਨ, ਜੋ ਵੱਡੇ ਨਿਵੇਸ਼ ਕਰਕੇ ਨੌਜਵਾਨਾਂ ਲਈ ਨੌਕਰੀਆਂ ਪੈਦਾ ਕਰਕੇ ਅਤੇ ਬੇਮਿਸਾਲ ਤਰੱਕੀ ਤੇ ਖ਼ੁਸ਼ਹਾਲੀ ਦੇ ਯੁੱਗ ਦੀ ਸ਼ੁਰੂਆਤ ਕਰਕੇ ਦੇਸ਼ ਦੀ ਸੇਵਾ ਕਰਦੇ ਹਨ। ਪੰਜਾਬ ਸਰਕਾਰ ਹਰ ਉਸ ਨਿਵੇਸ਼ਕ ਦੇ ਨਾਲ ਚਟਾਨ ਵਾਂਗ ਖੜ੍ਹੀ ਹੈ, ਜੋ ਸੂਬੇ ਦੇ ਵਿਕਾਸ ਵਿੱਚ ਯੋਗਦਾਨ ਪਾਉਣਾ ਚਾਹੁੰਦਾ ਹੈ।"
ਉਨ੍ਹਾਂ ਨੇ ਵਫ਼ਦ ਨੂੰ ਅੱਗੇ ਭਰੋਸਾ ਦਿਵਾਇਆ ਕਿ ਪੰਜਾਬ ਵਿੱਚ ਵਪਾਰਕ ਮਾਹੌਲ ਪੂਰੀ ਤਰ੍ਹਾਂ ਬਦਲ ਚੁੱਕਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਇੱਕ ਸਮਾਂ ਸੀ ਜਦੋਂ ਨਿਵੇਸ਼ਕਾਂ ਨੂੰ ਬੇਲੋੜੀਆਂ ਰੁਕਾਵਟਾਂ ਅਤੇ ਨਾਜਾਇਜ਼ ਮੰਗਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਅੱਜ ਪੰਜਾਬ ਸਰਕਾਰ ਸਿਰਫ਼ ਪੰਜਾਬ ਅਤੇ ਪੰਜਾਬੀਆਂ ਦੀ ਭਲਾਈ ਲਈ ਕੰਮ ਕਰ ਰਹੀ ਹੈ ਅਤੇ ਇੱਕ ਪਾਰਦਰਸ਼ੀ, ਨਿਵੇਸ਼ਕ-ਪੱਖੀ ਮਾਹੌਲ ਯਕੀਨੀ ਬਣਾਉਣ ਲਈ ਵਚਨਬੱਧ ਹੈ।"
About Us
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)
Address
PB Punjab News
G T ROAD, Ludhiana-141008
Mobile: +91 98720 73653
Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB