major-festive-gift-for-punjab-govt-s-8-lakh-employees-pensioners-bhagwant-mann-govt-increases-da-to-50-

ਪੰਜਾਬ ਸਰਕਾਰ ਵੱਲੋਂ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦਾ ਤੋਹਫ਼ਾ; ਭਗਵੰਤ ਮਾਨ ਸਰਕਾਰ ਨੇ ਮਹਿੰਗਾਈ ਭੱਤਾ ਵਧਾ ਕੇ 50 ਫ਼ੀਸਦ ਕੀਤਾ

Sep18,2026 | Narinder Kumar | Chandigarh

*ਆਪਣੇ ਮੁਲਾਜ਼ਮਾਂ ਦੀ ਭਲਾਈ ਲਈ ਅਸੀਂ ਮਹਿੰਗਾਈ ਭੱਤੇ ਵਿੱਚ 8 ਫ਼ੀਸਦ ਦਾ ਵਾਧਾ ਕਰਨ ਦਾ ਫੈਸਲਾ ਕੀਤਾ, ਇਹ ਵਾਧਾ ਸਤੰਬਰ ਮਹੀਨੇ ਦੀ ਤਨਖਾਹ ਤੋਂ ਲਾਗੂ ਹੋਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
 
*ਸਰਕਾਰੀ ਮੁਲਾਜ਼ਮ ਸੂਬੇ ਦੇ ਪ੍ਰਸ਼ਾਸਨਿਕ ਢਾਂਚੇ ਦੀ ਰੀੜ੍ਹ ਦੀ ਹੱਡੀ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
 
*ਮੁਲਾਜ਼ਮ ਨੁਮਾਇੰਦਿਆਂ ਨਾਲ ਮਹੀਨਾਵਾਰ ਮੀਟਿੰਗਾਂ ਜਾਇਜ਼ ਮਸਲਿਆਂ ਦੇ ਹੱਲ ਵਿੱਚ ਮਦਦਗਾਰ ਸਾਬਤ ਹੋਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
 
*ਮਹਿਲਾ ਮੁਲਾਜ਼ਮਾਂ ਦੀ ਤਾਇਨਾਤੀ ਉਨ੍ਹਾਂ ਦੇ ਘਰਾਂ ਤੋਂ 40 ਕਿਲੋਮੀਟਰ ਦੇ ਦਾਇਰੇ ਵਿੱਚ ਕੀਤੀ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
 
*ਨੌਜਵਾਨਾਂ ਨੂੰ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ-ਮੁਕਤ ਪ੍ਰਕਿਰਿਆ ਰਾਹੀਂ ਲਗਭਗ 70,000 ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
 

ਸੂਬੇ ਭਰ ਦੇ ਲਗਭਗ ਅੱਠ ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦਾ ਤੋਹਫ਼ਾ ਦਿੰਦਿਆਂ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਮਹਿੰਗਾਈ ਭੱਤੇ (ਡੀ.ਏ.) ਵਿੱਚ 8 ਫ਼ੀਸਦ ਦਾ ਇਜ਼ਾਫਾ ਕੀਤਾ ਗਿਆ ਹੈ ਅਤੇ ਇਹ ਵਾਧਾ ਸਤੰਬਰ ਮਹੀਨੇ ਦੀ ਤਨਖਾਹ ਨਾਲ ਲਾਗੂ ਹੋਵੇਗਾ। ਇਸ ਸਬੰਧੀ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਦਮ ਮੁਲਾਜ਼ਮਾਂ ਦੀ ਭਲਾਈ ਅਤੇ ਸਨਮਾਨ ਪ੍ਰਤੀ ਉਨ੍ਹਾਂ ਦੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਨੇ ਮੁਲਾਜ਼ਮਾਂ ਨੂੰ ਸੂਬੇ ਦੇ ਪ੍ਰਸ਼ਾਸਨਿਕ ਢਾਂਚੇ ਦੀ ਰੀੜ੍ਹ ਦੀ ਹੱਡੀ ਦੱਸਿਆ। ਮੁੱਖ ਮੰਤਰੀ ਨੇ ਜਾਇਜ਼ ਮਸਲਿਆਂ ਦੇ ਹੱਲ ਲਈ ਮੁਲਾਜ਼ਮ ਨੁਮਾਇੰਦਿਆਂ ਨਾਲ ਲਾਜ਼ਮੀ ਮਾਸਿਕ ਮੀਟਿੰਗਾਂ ਕਰਨ ਅਤੇ ਮਹਿਲਾ ਕਰਮਚਾਰੀਆਂ ਦੀ ਤਾਇਨਾਤੀ ਉਨ੍ਹਾਂ ਦੇ ਘਰਾਂ ਤੋਂ 40 ਕਿਲੋਮੀਟਰ ਦੇ ਦਾਇਰੇ ਵਿੱਚ ਕਰਨ ਦਾ ਐਲਾਨ ਵੀ ਕੀਤਾ। ਉਨ੍ਹਾਂ ਨਾਲ ਹੀ ਇਹ ਵੀ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ-ਮੁਕਤ ਪ੍ਰਕਿਰਿਆ ਰਾਹੀਂ ਲਗਭਗ 70,000 ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਨੁਮਾਇੰਦਿਆਂ ਨਾਲ ਨਿੱਜੀ ਤੌਰ 'ਤੇ ਮੁਲਾਕਾਤ ਕੀਤੀ, ਉਨ੍ਹਾਂ ਦੀਆਂ ਚਿੰਤਾਵਾਂ ਸੁਣੀਆਂ ਅਤੇ ਆਪਸੀ ਟਕਰਾਅ ਦੀ ਥਾਂ ਗੱਲਬਾਤ ਅਤੇ ਹੱਲ ਦਾ ਰਾਹ ਚੁਣਦਿਆਂ ਅਹਿਮ ਫੈਸਲਾ ਲਿਆ।
ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 'ਐਕਸ' ਅਕਾਊਂਟ 'ਤੇ ਕਿਹਾ: "ਅੱਜ ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਨਾਲ ਬਹੁਤ ਹੀ ਸੁਖਾਵੇਂ ਮਾਹੌਲ ਵਿੱਚ ਮੀਟਿੰਗ ਹੋਈ। ਮੁਲਾਜ਼ਮ ਸਾਡੇ ਪਰਿਵਾਰ ਦਾ ਅਹਿਮ ਹਿੱਸਾ ਹਨ ਅਤੇ ਉਨ੍ਹਾਂ ਦੀ ਭਲਾਈ ਨੂੰ ਧਿਆਨ ਵਿੱਚ ਰੱਖਦਿਆਂ, ਅਸੀਂ ਤੁਰੰਤ ਮਹਿੰਗਾਈ ਭੱਤੇ (ਡੀ.ਏ.) ਵਿੱਚ 8 ਫ਼ੀਸਦ ਦਾ ਵਾਧਾ ਕਰਨ ਦਾ ਫੈਸਲਾ ਕੀਤਾ ਹੈ। ਇਹ ਵਾਧਾ ਅਕਤੂਬਰ ਮਹੀਨੇ ਦੀ ਤਨਖਾਹ ਨਾਲ ਅਮਲ ਵਿੱਚ ਆਵੇਗਾ। ਅਸੀਂ ਪਿਛਲੀਆਂ ਸਰਕਾਰਾਂ ਦੇ ਸਮੇਂ ਤੋਂ ਲਟਕਦੇ ਆ ਰਹੇ ਮੁੱਦਿਆਂ 'ਤੇ ਵੀ ਚਰਚਾ ਕੀਤੀ, ਜਿਨ੍ਹਾਂ ਵਿੱਚ ਪੁਰਾਣੀ ਪੈਨਸ਼ਨ ਸਕੀਮ (ਓ.ਪੀ.ਐਸ.), ਪਰਖ ਕਾਲ ਦੌਰਾਨ ਤਨਖਾਹ ਅਤੇ ਆਸ਼ਾ ਤੇ ਮਿਡ-ਡੇ-ਮੀਲ ਵਰਕਰਾਂ ਨਾਲ ਸਬੰਧਤ ਮੁੱਦੇ ਸ਼ਾਮਲ ਹਨ। ਅਸੀਂ ਇਨ੍ਹਾਂ ਲੰਬੇ ਸਮੇਂ ਤੋਂ ਚੱਲ ਰਹੇ ਮੁੱਦਿਆਂ ਦੇ ਪੱਕੇ ਹੱਲ ਲਈ ਅਕਤੂਬਰ ਦੇ ਪਹਿਲੇ ਹਫ਼ਤੇ ਦੁਬਾਰਾ ਮੀਟਿੰਗ ਕਰਾਂਗੇ। ਸਾਡੀ ਸਰਕਾਰ ਅਤੇ ਮੁਲਾਜ਼ਮਾਂ ਵਿਚਕਾਰ ਕੋਈ ਦੂਰੀ ਨਹੀਂ ਹੈ। ਅਸੀਂ ਆਪਸੀ ਗੱਲਬਾਤ ਰਾਹੀਂ ਹਰ ਮਸਲੇ ਨੂੰ ਹੱਲ ਕਰਾਂਗੇ। ਅਸੀਂ ਪੰਜਾਬ ਦੀ ਤਰੱਕੀ ਅਤੇ 'ਰੰਗਲਾ ਪੰਜਾਬ' ਦੀ ਸਿਰਜਣਾ ਲਈ ਮਿਲ ਕੇ ਕੰਮ ਕਰਦੇ ਰਹਾਂਗੇ। ਇਨਕਲਾਬ ਜ਼ਿੰਦਾਬਾਦ।"
ਇਸ ਗੱਲ 'ਤੇ ਜ਼ੋਰ ਦਿੰਦਿਆਂ ਕਿ ਸਰਕਾਰੀ ਮੁਲਾਜ਼ਮਾਂ ਦੀ ਭਲਾਈ, ਸਨਮਾਨ ਅਤੇ ਜਾਇਜ਼ ਮਾਮਲਿਆਂ ਦਾ ਹੱਲ ਉਨ੍ਹਾਂ ਦੀ ਸਰਕਾਰ ਦੀ ਤਰਜੀਹ ਹੈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਫੈਸਲੇ ਅਨੁਸਾਰ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 4-4 ਫੀਸਦੀ ਦੀਆਂ ਦੋ ਕਿਸ਼ਤਾਂ ਜਾਰੀ ਕੀਤੀਆਂ ਜਾਣਗੀਆਂ, ਜਿਨ੍ਹਾਂ ਦਾ ਲਾਭ 1 ਅਕਤੂਬਰ ਤੋਂ ਉਨ੍ਹਾਂ ਦੀਆਂ ਤਨਖਾਹਾਂ ਨਾਲ ਮਿਲੇਗਾ। ਤਿਉਹਾਰਾਂ ਦੇ ਸੀਜ਼ਨ ਤੋਂ ਪਹਿਲਾਂ, ਇਸ ਫੈਸਲੇ ਨਾਲ ਹਜ਼ਾਰਾਂ ਸਰਕਾਰੀ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵਾਧੂ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।"
ਮੁੱਖ ਮੰਤਰੀ ਨੇ ਕਿਹਾ, "ਸਰਕਾਰ ਆਪਣੇ ਮੁਲਾਜ਼ਮਾਂ ਵੱਲੋਂ ਨਿਭਾਈਆਂ ਜਾਂਦੀਆਂ ਜ਼ਿੰਮੇਵਾਰੀਆਂ ਅਤੇ ਉਨ੍ਹਾਂ ਦੇ ਨਿੱਜੀ ਤੇ ਪੇਸ਼ੇਵਰ ਜੀਵਨ ਵਿੱਚ ਪੈਦਾ ਹੋਣ ਵਾਲੇ ਦਬਾਅ ਤੋਂ ਚੰਗੀ ਤਰ੍ਹਾਂ ਜਾਣੂ ਹੈ।"
ਉਨ੍ਹਾਂ ਕਿਹਾ, "ਇੱਕ ਖੁਸ਼ ਮੁਲਾਜ਼ਮ ਹੀ ਬਿਹਤਰ ਤਰੀਕੇ ਨਾਲ ਕੰਮ ਕਰ ਸਕਦਾ ਹੈ ਅਤੇ ਮੇਰਾ ਮੰਨਣਾ ਹੈ ਕਿ ਜਦੋਂ ਕੋਈ ਮੁਲਾਜ਼ਮ ਸੰਤੁਸ਼ਟੀ, ਸਨਮਾਨ ਅਤੇ ਮਾਨਸਿਕ ਸ਼ਾਂਤੀ ਨਾਲ ਕੰਮ ਕਰਦਾ ਹੈ ਤਾਂ ਪੂਰਾ ਸਿਸਟਮ ਬਿਹਤਰ ਢੰਗ ਨਾਲ ਕੰਮ ਕਰਦਾ ਹੈ ਅਤੇ ਲੋਕਾਂ ਨੂੰ ਬਿਹਤਰ ਸੇਵਾਵਾਂ ਮਿਲਦੀਆਂ ਹਨ। ਸਰਕਾਰੀ ਮੁਲਾਜ਼ਮ ਸਿਰਫ਼ ਪ੍ਰਸ਼ਾਸਨਿਕ ਢਾਂਚੇ ਦਾ ਹਿੱਸਾ ਹੀ ਨਹੀਂ, ਸਗੋਂ ਇਸ ਦੀ ਰੀੜ੍ਹ ਦੀ ਹੱਡੀ ਹਨ। ਜ਼ਰੂਰੀ ਸੇਵਾਵਾਂ ਪ੍ਰਦਾਨ ਕਰਨ ਤੋਂ ਲੈ ਕੇ ਭਲਾਈ ਸਕੀਮਾਂ ਨੂੰ ਲਾਗੂ ਕਰਨ ਅਤੇ ਰੋਜ਼ਾਨਾ ਦੇ ਪ੍ਰਸ਼ਾਸਨ ਕੰਮਕਾਜ ਨੂੰ ਚਲਾਉਣ ਤੱਕ, ਮੁਲਾਜ਼ਮ ਹਰ ਪੱਧਰ 'ਤੇ ਕੰਮ ਕਰਦੇ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸਰਕਾਰ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਅਤੇ ਸੇਵਾਵਾਂ ਆਮ ਲੋਕਾਂ ਦੇ ਦਰਵਾਜ਼ੇ ਤੱਕ ਪਹੁੰਚਣ।"
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਮੈਂ ਨਿੱਜੀ ਤੌਰ 'ਤੇ ਮੁਲਾਜ਼ਮਾਂ ਦੀਆਂ ਚਿੰਤਾਵਾਂ ਨੂੰ ਸਮਝਦਾ ਹਾਂ ਕਿਉਂਕਿ ਮੈਂ ਖੁਦ ਇੱਕ ਸਰਕਾਰੀ ਮੁਲਾਜ਼ਮ ਦਾ ਪੁੱਤਰ ਰਿਹਾ ਹਾਂ ਅਤੇ ਇੱਕ ਮੁਲਾਜ਼ਮ ਦੇ ਦਰਦ ਨੂੰ ਚੰਗੀ ਤਰ੍ਹਾਂ ਸਮਝਦਾ ਹਾਂ। ਸਰਕਾਰ ਆਪਣੇ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਆਪਣੇ ਪਰਿਵਾਰ ਦਾ ਹਿੱਸਾ ਮੰਨਦੀ ਹੈ।"
ਮੁੱਖ ਮੰਤਰੀ ਨੇ ਕਿਹਾ, "ਸੂਬੇ ਦੇ ਖਜ਼ਾਨੇ ਦਾ ਇੱਕ-ਇੱਕ ਪੈਸਾ ਪੂਰੀ ਸਮਝਦਾਰੀ ਨਾਲ ਅਤੇ ਪੰਜਾਬ ਦੇ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਉਣ ਦੇ ਉਦੇਸ਼ ਨਾਲ ਖਰਚਿਆ ਜਾ ਰਿਹਾ ਹੈ। ਵਿੱਤੀ ਯੋਜਨਾਬੰਦੀ ਅਤੇ ਜਨਤਕ ਭਲਾਈ ਨੂੰ ਨਾਲ-ਨਾਲ ਚੱਲਣਾ ਪਵੇਗਾ ਅਤੇ ਸਰਕਾਰ ਇਨ੍ਹਾਂ ਦੋਵਾਂ ਪਹਿਲੂਆਂ ਨੂੰ ਧਿਆਨ ਵਿੱਚ ਰੱਖ ਕੇ ਫੈਸਲੇ ਲੈਣ ਲਈ ਵਚਨਬੱਧ ਹੈ।"
ਸੂਬਾ ਸਰਕਾਰ ਵੱਲੋਂ ਰੁਜ਼ਗਾਰ ਸਬੰਧੀ ਚੁੱਕੇ ਗਏ ਕਦਮਾਂ ‘ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਸੂਬਾ ਸਰਕਾਰ ਵੱਲੋਂ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ-ਮੁਕਤ ਪ੍ਰਕਿਰਿਆ ਰਾਹੀਂ ਲਗਭਗ 70,000 ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਭਰਤੀ ਪ੍ਰਕਿਰਿਆ ਪੂਰੀ ਤਰ੍ਹਾਂ ਯੋਗਤਾ ਅਤੇ ਪਾਰਦਰਸ਼ਤਾ 'ਤੇ ਅਧਾਰਤ ਰਹੀ ਹੈ, ਜਿਸ ਨਾਲ ਨੌਜਵਾਨਾਂ ਨੂੰ ਬਿਨਾ ਕਿਸੇ ਸਿਫਾਰਸ਼ ਜਾਂ ਭ੍ਰਿਸ਼ਟਾਚਾਰ ਦੇ ਸਰਕਾਰੀ ਨੌਕਰੀਆਂ ਹਾਸਲ ਕਰਨ ਦਾ ਮੌਕਾ ਮਿਲਿਆ ਹੈ।"
ਮੁੱਖ ਮੰਤਰੀ ਨੇ ਕਿਹਾ, "ਸੂਬਾ ਸਰਕਾਰ ਦਾ ਉਦੇਸ਼ ਅਜਿਹਾ ਮਾਹੌਲ ਸਿਰਜਣਾ ਹੈ ਜਿੱਥੇ ਨੌਜਵਾਨ ਆਪਣੀ ਯੋਗਤਾ ਅਤੇ ਸਖ਼ਤ ਮਿਹਨਤ ਦੇ ਦਮ 'ਤੇ ਰੁਜ਼ਗਾਰ ਪ੍ਰਾਪਤ ਕਰ ਸਕਣ।"
ਉਨ੍ਹਾਂ ਕਿਹਾ, "ਸਰਕਾਰ ਮਹਿਲਾ ਕਰਮਚਾਰੀਆਂ ਨੂੰ ਦਰਪੇਸ਼ ਚੁਣੌਤੀਆਂ ਬਾਰੇ ਵੀ ਚੰਗੀ ਤਰ੍ਹਾਂ ਜਾਣੂ ਹੈ ਅਤੇ ਇਹ ਯਕੀਨੀ ਬਣਾਉਣ ਲਈ ਕਦਮ ਚੁੱਕੇ ਗਏ ਹਨ ਕਿ ਮਹਿਲਾ ਕਰਮਚਾਰੀਆਂ ਨੂੰ ਉਨ੍ਹਾਂ ਦੇ ਘਰਾਂ ਤੋਂ 40 ਕਿਲੋਮੀਟਰ ਦੇ ਦਾਇਰੇ ਵਿੱਚ ਤਾਇਨਾਤੀ ਦਿੱਤੀ ਜਾਵੇ। ਅਜਿਹੇ ਉਪਾਵਾਂ ਦਾ ਉਦੇਸ਼ ਮਹਿਲਾ ਕਰਮਚਾਰੀਆਂ ਨੂੰ ਉਨ੍ਹਾਂ ਦੀਆਂ ਪੇਸ਼ੇਵਰ ਜ਼ਿੰਮੇਵਾਰੀਆਂ ਅਤੇ ਪਰਿਵਾਰਕ ਜ਼ਿੰਮੇਵਾਰੀਆਂ ਵਿਚਕਾਰ ਬਿਹਤਰ ਤਾਲਮੇਲ ਬਿਠਾਉਣ ਵਿੱਚ ਮਦਦ ਕਰਨਾ ਹੈ।"
ਮੁੱਖ ਮੰਤਰੀ ਨੇ ਕਿਹਾ, ‘‘ਮਹਿਲਾ ਕਰਮਚਾਰੀਆਂ ਨੂੰ ਆਪਣੇ ਕਰੀਅਰ ਅਤੇ ਪਰਿਵਾਰਕ ਜ਼ਿੰਮੇਵਾਰੀਆਂ ਵਿੱਚੋਂ ਕਿਸੇ ਇੱਕ ਨੂੰ ਚੁਣਨ ਲਈ ਮਜਬੂਰ ਨਹੀਂ ਹੋਣਾ ਪਵੇਗਾ। ਸੂਬਾ ਸਰਕਾਰ ਇਹ ਯਕੀਨੀ ਬਣਾਏਗੀ ਕਿ ਸਰਕਾਰ ਉਨ੍ਹਾਂ ਦੀਆਂ ਜਾਇਜ਼ ਲੋੜਾਂ ਪ੍ਰਤੀ ਸੁਹਿਰਦ ਅਤੇ ਸੰਵੇਦਨਸ਼ੀਲ ਰਹੇ।’’
ਉਨ੍ਹਾਂ ਕਿਹਾ, ‘‘ਸੂਬਾ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਪ੍ਰਤੀ ਉਦਾਰ ਸੋਚ ਰੱਖਦੀ ਹੈ ਅਤੇ ਇਨ੍ਹਾਂ ਮੁੱਦਿਆਂ ਨੂੰ ਪੂਰੀ ਸੁਹਿਰਦਤਾ ਨਾਲ ਲਾਗੂ ਨਿਯਮਾਂ, ਵਿੱਤੀ ਪ੍ਰਭਾਵਾਂ ਤੇ ਕਾਨੂੰਨੀ ਸਥਿਤੀ ਅਨੁਸਾਰ ਵਿਚਾਰਿਆ ਜਾਵੇਗਾ।’’
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘‘ਸਰਕਾਰ ਚਿਰਾਂ ਤੋਂ ਲੰਬਿਤ ਪਈਆਂ ਵੱਖ-ਵੱਖ ਮੰਗਾਂ ਦੀ ਸਮੀਖਿਆ ਕਰੇਗੀ, ਜਿਨ੍ਹਾਂ ਵਿੱਚ 2.59 ਦੇ ਪੈਨਸ਼ਨ ਗੁਣਕ (ਮਲਟੀਪਲੀਕੇਸ਼ਨ ਫੈਕਟਰ) ਦੀ ਮੰਗ, ਪੁਰਾਣੀ ਪੈਨਸ਼ਨ ਸਕੀਮ (ਓਪੀਐਸ) ਦੀ ਬਹਾਲੀ, ਵੱਖ-ਵੱਖ ਭੱਤਿਆਂ ਦੀ ਬਹਾਲੀ, ’ਐਸ਼ੋਰਡ ਕਰੀਅਰ ਪ੍ਰੋਗਰੈਸ਼ਨ’ (ਏਸੀਪੀ) ਨੂੰ ਲਾਗੂ ਕਰਨਾ, ਪ੍ਰੋਬੇਸ਼ਨ ਪੀਰੀਅਡ (ਪਰਖ ਕਾਲ) ਨਾਲ ਸਬੰਧਤ 2015 ਅਤੇ 2020 ਦੇ ਪੱਤਰਾਂ ਸਬੰਧੀ ਮੁੱਦੇ, ਅਦਾਲਤੀ ਫੈਸਲਿਆਂ ਨੂੰ ਲਾਗੂ ਕਰਨਾ ਅਤੇ ਹੋਰ ਮਾਮਲੇ ਸ਼ਾਮਲ ਹਨ।’’
ਮੁੱਖ ਮੰਤਰੀ ਨੇ ਕਿਹਾ, ‘‘ਮੁਲਾਜ਼ਮਾਂ ਨਾਲ ਸਬੰਧਤ ਕਿਸੇ ਵੀ ਜਾਇਜ਼ ਮੁੱਦੇ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਰਿਹਾ ਹੈ ਅਤੇ ਸਰਕਾਰ ਹਰ ਮਾਮਲੇ ਦੀ ਖੁੱਲ੍ਹ-ਦਿਲੀ ਅਤੇ ਹਮਦਰਦੀ ਨਾਲ ਜਾਂਚ ਕਰੇਗੀ। ਮੁਲਾਜ਼ਮਾਂ ਦੀ ਭਲਾਈ ਨੂੰ ਸਿਰਫ਼ ਇੱਕ ਵਾਰ ਕੀਤੀ ਜਾਣ ਵਾਲੀ ਕਾਰਵਾਈ ਵਜੋਂ ਨਹੀਂ ਦੇਖਿਆ ਜਾ ਸਕਦਾ। ਇਸ ਲਈ ਸਰਕਾਰ ਅਤੇ ਮੁਲਾਜ਼ਮਾਂ ਵਿਚਕਾਰ ਲਗਾਤਾਰ ਗੱਲਬਾਤ ਦੀ ਲੋੜ ਹੈ।’’
ਮੁਲਾਜ਼ਮਾਂ ਨਾਲ ਗੱਲਬਾਤ ਨੂੰ ਸੰਸਥਾਗਤ ਰੂਪ ਦੇਣ ਵੱਲ ਇੱਕ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ, ‘‘ਮੁਲਾਜ਼ਮ ਨੁਮਾਇੰਦਿਆਂ ਨਾਲ ਹਰ ਮਹੀਨੇ ਲਾਜ਼ਮੀ ਤੌਰ ’ਤੇ ਮੀਟਿੰਗ ਕੀਤੀ ਜਾਵੇਗੀ। ਨਿਯਮਤ ਗੱਲਬਾਤ ਨਾਲ ਇਹ ਯਕੀਨੀ ਬਣਾਇਆ ਜਾਵੇਗਾ ਕਿ ਕੋਈ ਸਮੱਸਿਆ ਦਾ ਵੱਡਾ ਮੁੱਦਾ ਬਣਨ ਤੋਂ ਪਹਿਲਾਂ ਹੀ ਹੱਲ ਕੀਤਾ ਜਾਵੇ ਅਤੇ ਮੁਲਾਜ਼ਮਾਂ ਕੋਲ ਸਰਕਾਰ ਸਾਹਮਣੇ ਆਪਣੀਆਂ ਗੱਲਾਂ ਰੱਖਣ ਲਈ ਇੱਕ ਸਿੱਧਾ ਮੰਚ ਹੋਵੇ।’’
ਮੁੱਖ ਮੰਤਰੀ ਨੇ ਕਿਹਾ, ‘‘ਗੱਲਬਾਤ ਹੀ ਮਸਲੇ ਸੁਲਝਾਉਣ ਦਾ ਸਭ ਤੋਂ ਢੁਕਵਾਂ ਤਰੀਕਾ ਹੈ। ਇਸੇ ਲਈ ਅਸੀਂ ਇਕੱਠੇ ਬੈਠਾਂਗੇ, ਇੱਕ-ਦੂਜੇ ਦੀ ਗੱਲ ਸੁਣਾਂਗੇ ਅਤੇ ਜਾਇਜ਼ ਮੁੱਦਿਆਂ ਦੇ ਹੱਲ ਲੱਭਾਂਗੇ। ਦਹਾਕਿਆਂ ਤੋਂ ਮੁਲਾਜ਼ਮਾਂ ਨੂੰ ਅਕਸਰ ਇਹ ਮਹਿਸੂਸ ਹੁੰਦਾ ਰਿਹਾ ਹੈ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਵੱਲ ਲੋੜੀਂਦੀ ਤਵੱਜੋ ਨਹੀਂ ਦਿੱਤੀ ਗਈ। ਪਹਿਲਾਂ ਕਿਸੇ ਨੇ ਵੀ ਮੁਲਾਜ਼ਮਾਂ ਦੀ ਪਰਵਾਹ ਨਹੀਂ ਕੀਤੀ, ਪਰ ਅਸੀਂ ਉਨ੍ਹਾਂ ਨੂੰ ਆਪਣੇ ਪਰਿਵਾਰ ਦਾ ਹਿੱਸਾ ਮੰਨਦੇ ਹਾਂ।’’
ਮੁਲਾਜ਼ਮਾਂ ਨਾਲ ਰਾਬਤੇ ਦਾ ਸਿਲਸਿਲਾ ਬਣਾਈ ਰੱਖਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘‘ਸਰਕਾਰ ਆਪਣੇ ਮੁਲਾਜ਼ਮਾਂ ਨਾਲ ਸਿਰਫ਼ ਫਾਈਲਾਂ ਜਾਂ ਦਫ਼ਤਰੀ ਕੰਮਕਾਜ ਤੱਕ ਹੀ ਨਹੀਂ ਜੁੜੀ ਸਗੋਂ ਅਸੀਂ ਉਨ੍ਹਾਂ ਨਾਲ ਭਰੋਸੇ, ਗੱਲਬਾਤ, ਆਪਸੀ ਸਤਿਕਾਰ ਅਤੇ ਜ਼ਿੰਮੇਵਾਰੀ ਅਧਾਰਤ ਰਿਸ਼ਤਾ ਬਣਾਉਣ ਲਈ ਸੁਹਿਰਦ ਹਾਂ।’’
ਮੁੱਖ ਮੰਤਰੀ ਨੇ ਕਿਹਾ, ‘‘ਸਰਕਾਰੀ ਮੁਲਾਜ਼ਮ ਅਤੇ ਪੰਜਾਬ ਦੇ ਲੋਕ ਇੱਕ ਪ੍ਰਗਤੀਸ਼ੀਲ ਅਤੇ ਖੁਸ਼ਹਾਲ ਸੂਬਾ ਸਿਰਜਣ ਦੇ ਵੱਡੇ ਮਿਸ਼ਨ ਵਿੱਚ ਭਾਈਵਾਲ ਹਨ। ਜਦੋਂ ਮੁਲਾਜ਼ਮ ਅਣਸੁਲਝੇ ਮਸਲਿਆਂ, ਅਨਿਸ਼ਚਿਤਤਾ ਜਾਂ ਆਪਣੀ ਗੱਲ ਨਾ ਸੁਣੇ ਜਾਣ ਦੇ ਅਹਿਸਾਸ ਦੇ ਬੋਝ ਹੇਠ ਦੱਬੇ ਹੁੰਦੇ ਹਨ ਤਾਂ ਉਹ ਆਪਣੀ ਬਿਹਤਰੀਨ ਕਾਰਗੁਜ਼ਾਰੀ ਨਹੀਂ ਦਿਖਾ ਸਕਦੇ।’’
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘‘ਸਰਕਾਰ ਨੂੰ ਕਰਮਚਾਰੀਆਂ ਦੀ ਭਲਾਈ ਅਤੇ ਸੂਬੇ ਦੀ ਸਮੁੱਚੀ ਵਿੱਤੀ ਸਥਿਤੀ ਵਿਚਕਾਰ ਸੰਤੁਲਨ ਬਣਾ ਕੇ ਰੱਖਣਾ ਪੈਂਦਾ ਹੈ। ਮਹਿੰਗਾਈ ਭੱਤੇ (ਡੀਏ) ਬਾਰੇ ਲਿਆ ਗਿਆ ਤਾਜ਼ਾ ਫੈਸਲਾ ਵਿੱਤੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਕਰਮਚਾਰੀਆਂ ਦੇ ਯੋਗਦਾਨ ਨੂੰ ਮਾਨਤਾ ਦੇਣ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।’’
ਕਰਮਚਾਰੀਆਂ ਨੂੰ ਪੂਰੀ ਲਗਨ ਅਤੇ ਤਨਦੇਹੀ ਨਾਲ ਕੰਮ ਜਾਰੀ ਰੱਖਣ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, ‘‘ਹਰੇਕ ਸਰਕਾਰੀ ਕਰਮਚਾਰੀ ਆਮ ਨਾਗਰਿਕ ਦੇ ਸਾਹਮਣੇ ਸੂਬਾ ਸਰਕਾਰ ਦੀ ਨੁਮਾਇੰਦਗੀ ਕਰਦਾ ਹੈ। ਸਰਕਾਰ ਲੋਕਾਂ ਦੀ ਸੇਵਾ ਲਈ ਮੌਜੂਦ ਹੈ ਅਤੇ ਕਰਮਚਾਰੀ ਉਹ ਜ਼ਰੀਆ ਹਨ ਜਿਨ੍ਹਾਂ ਰਾਹੀਂ ਇਹ ਸੇਵਾ ਜ਼ਮੀਨੀ ਪੱਧਰ ’ਤੇ ਨੇਪਰੇ ਚੜਾਈ ਜਾਂਦੀ ਹੈ।’’
ਉਨ੍ਹਾਂ ਦੁਹਰਾਇਆ, ‘‘ਸਰਕਾਰ ਲਗਾਤਾਰ ਗੱਲਬਾਤ, ਪਾਰਦਰਸ਼ਤਾ ਅਤੇ ਹਮਦਰਦੀ ਭਰੇ ਰਵੱਈਏ ਨਾਲ ਮੁਲਾਜ਼ਮਾਂ ਦੀਆਂ ਜਾਇਜ਼ ਸਮੱਸਿਆਵਾਂ ਦੇ ਹੱਲ ਲਈ ਕੰਮ ਕਰਨਾ ਜਾਰੀ ਰੱਖੇਗੀ ਅਤੇ ਨਾਲ ਹੀ ਇਹ ਯਕੀਨੀ ਬਣਾਏਗੀ ਕਿ ਸੂਬੇ ਦੇ ਸਾਧਨਾਂ ਦੀ ਵਰਤੋਂ ਜ਼ਿੰਮੇਵਾਰੀ ਨਾਲ ਕੀਤੀ ਜਾਵੇ।’’
ਮੁੱਖ ਮੰਤਰੀ ਨੇ ਕਿਹਾ, ‘‘ਤਿਉਹਾਰਾਂ ਦਾ ਮੌਸਮ ਨਾ ਸਿਰਫ਼ ਆਮ ਨਾਗਰਿਕਾਂ ਦੇ ਘਰਾਂ ਵਿੱਚ, ਸਗੋਂ ਉਨ੍ਹਾਂ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ ਪਰਿਵਾਰਾਂ ਵਿੱਚ ਵੀ ਖੁਸ਼ੀਆਂ ਲੈ ਕੇ ਆਵੇ ਜਿਨ੍ਹਾਂ ਨੇ ਆਪਣਾ ਜੀਵਨ ਪੰਜਾਬ ਦੀ ਸੇਵਾ ਲਈ ਸਮਰਪਿਤ ਕੀਤਾ ਹੈ।’’
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘‘ਕਰਮਚਾਰੀ ਪੰਜਾਬ ਦੀ ਰੀੜ੍ਹ ਹੁੰਦੇ ਹਨ ਅਤੇ ਉਨ੍ਹਾਂ ਦੀ ਭਲਾਈ ਸਾਡੇ ਲਈ ਬਹੁਤ ਅਹਿਮ ਹੈ। ਉਨ੍ਹਾਂ ਦਾ ਮਾਣ-ਸਤਿਕਾਰ ਸਾਡੇ ਲਈ ਵਡਮੁੱਲਾ ਹੈ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ’ਤੇ ਹਮੇਸ਼ਾ ਗੌਰ ਕੀਤਾ ਜਾਵੇਗਾ।’’ 
ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਡਾ. ਬਲਜੀਤ ਕੌਰ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਸਕੱਤਰ ਆਮ ਰਾਜ ਪ੍ਰਬੰਧ ਕੇ.ਕੇ. ਯਾਦਵ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
———

pbpunjab additional image pbpunjab additional image pbpunjab additional image pbpunjab additional image

major-festive-gift-for-punjab-govt-s-8-lakh-employees-pensioners-bhagwant-mann-govt-increases-da-to-50-


pbpunjab ad banner image pbpunjab ad banner image pbpunjab ad banner image

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com