*ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਔਰਤਾਂ ਨੂੰ ਮਹੀਨਾ" />

our-govt-will-never-let-toon-toon-notifications-on-mawan-dheeyan-s-phones-stop-cm-bhagwant-singh-mann

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Oct5,2026 | Narinder Kumar | Chandigarh

*ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਔਰਤਾਂ ਨੂੰ ਮਹੀਨਾਵਾਰ ਵਿੱਤੀ ਸਹਾਇਤਾ ਦੇਣ ਦੇ ਵਿਰੋਧ ’ਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਹਰੇਕ ਘਰ ਲਈ ਮੁਫ਼ਤ ਬਿਜਲੀ ਅਤੇ ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਸਪਲਾਈ ਜਾਰੀ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਸਰਕਾਰੀ ਨੌਕਰੀਆਂ ਦੀ ਭਰਤੀ ਵਿੱਚ ‘ਨੋ ਕੈਸ਼, ਨੋ ਫਰਮਾਇਸ਼’ ਦੀ ਨੀਤੀ ਜਾਰੀ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਨਾਲ ਪੰਜਾਬ ਸੂਬਾ ਕੇਰਲ ਨੂੰ ਪਛਾੜ ਕੇ ਅੱਵਲ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਸਰਕਾਰੀ ਸਹੂਲਤਾਂ ਮਿਲਣ ਨਾਲ ਪੰਜਾਬ ਦੇ ਪਿੰਡਾਂ ਵਿੱਚੋਂ ਨਿਕਲੇ ਓਲੰਪੀਅਨ ਤਗ਼ਮੇ ਜਿੱਤਣ ਲੱਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਸਾਡੀ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨਾਲੋਂ ਵਧ ਕੇ ਕੰਮ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਭਾਜਪਾ, ਅਕਾਲੀ ਦਲ ਅਤੇ ਕਾਂਗਰਸ ਕੋਲ ਪੰਜਾਬ ਲਈ ਨਾ ਕੋਈ ਮੁੱਦਾ ਹੈ ਅਤੇ ਨਾ ਹੀ ਕੋਈ ਵਿਜ਼ਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਦੂਲਗੜ੍ਹ ਹਲਕੇ ਵਿੱਚ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਲੋਕਾਂ ਨੂੰ ਕੀਤਾ ਸੰਬੋਧਨ*

 
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਆਪਣੀਆਂ ਲੋਕ-ਪੱਖੀ ਨੀਤੀਆਂ ਨੂੰ ਨਿਰੰਤਰ ਜਾਰੀ ਰੱਖੇਗੀ, ਜਿਨ੍ਹਾਂ ਵਿੱਚ ਔਰਤਾਂ ਲਈ ‘ਮਾਵਾਂ-ਧੀਆਂ ਸਤਿਕਾਰ ਯੋਜਨਾ’, ਘਰਾਂ ਲਈ ਮੁਫ਼ਤ ਬਿਜਲੀ, ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਸਪਲਾਈ ਅਤੇ “ਨੋ ਕੈਸ਼, ਨੋ ਫਰਮਾਇਸ਼” ਦੀ ਪਾਰਦਰਸ਼ੀ ਪ੍ਰਣਾਲੀ ਰਾਹੀਂ ਸਰਕਾਰੀ ਨੌਕਰੀਆਂ ਦੇਣਾ ਸ਼ਾਮਲ ਹੈ। ਇਸ ਦੇ ਨਾਲ ਹੀ ਉਨ੍ਹਾਂ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਹ ਪਾਰਟੀਆਂ ਇਨ੍ਹਾਂ ਲੋਕ ਭਲਾਈ ਕਾਰਜਾਂ ਦਾ ਵਿਰੋਧ ਕਰ ਰਹੀਆਂ ਹਨ ਅਤੇ ਉਨ੍ਹਾਂ ਕੋਲ ਪੰਜਾਬ ਲਈ ਕੋਈ ਸਪੱਸ਼ਟ ਵਿਜ਼ਨ ਨਹੀਂ ਹੈ।
ਸਰਦੂਲਗੜ੍ਹ ਹਲਕੇ ਵਿੱਚ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਕੀਤੇ ਵਾਅਦਿਆਂ ਨਾਲੋਂ ਵੱਧ ਕੰਮ ਕਰ ਕੇ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਅਸੀਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਹੈ, ਜਨਤਕ ਸਹੂਲਤਾਂ ਦਾ ਪਸਾਰ ਕੀਤਾ ਹੈ ਅਤੇ ਅਜਿਹਾ ਮਾਹੌਲ ਸਿਰਜਿਆ ਹੈ, ਜਿਸ ਨਾਲ ਪੰਜਾਬ ਦੇ ਪਿੰਡਾਂ ਵਿੱਚੋਂ ਉੱਭਰੇ ਖਿਡਾਰੀ ਓਲੰਪਿਕ ਤਗ਼ਮੇ ਜਿੱਤ ਕੇ ਲਿਆ ਰਹੇ ਹਨ।
ਲੋਕ ਮਿਲਣੀ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਸਰਕਾਰ ਦੇ ਕੰਮਕਾਜ ਵਿੱਚ ਬੁਨਿਆਦੀ ਤਬਦੀਲੀ ਦੇਖੀ ਹੈ, ਜਿੱਥੇ ਲੋਕਾਂ ਦਾ ਪੈਸਾ ਭਲਾਈ, ਸਿੱਖਿਆ, ਸਿਹਤ ਸੰਭਾਲ, ਬਿਜਲੀ, ਸਿੰਜਾਈ ਅਤੇ ਰੋਜ਼ਗਾਰ ਲਈ ਖ਼ਰਚਿਆ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ, “ਜਦੋਂ ਵੀ ਔਰਤਾਂ ਦੇ ਬੈਂਕ ਖਾਤਿਆਂ ਵਿੱਚ ਵਿੱਤੀ ਸਹਾਇਤਾ ਪਹੁੰਚਦੀ ਹੈ ਤਾਂ ਉਨ੍ਹਾਂ ਦੇ ਚਿਹਰਿਆਂ ’ਤੇ ਝਲਕਦੀ ਖ਼ੁਸ਼ੀ ਇਸ ਲੋਕ-ਪੱਖੀ ਸ਼ਾਸਨ ਦੇ ਪ੍ਰਭਾਵ ਦੀ ਗਵਾਹੀ ਭਰਦੀ ਹੈ। ਸਾਡੀ ਸਰਕਾਰ ਪੰਜਾਬ ਦੀਆਂ ਮਾਵਾਂ-ਭੈਣਾਂ ਦੇ ਮੋਬਾਈਲ ਫ਼ੋਨਾਂ ’ਤੇ ਆਉਣ ਵਾਲੇ ਟੂੰ-ਟੂੰ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਾਡੀ ਸਰਕਾਰ ਲੋਕਾਂ ਦੀ ਸੇਵਾ ‘ਚ ਹੈ, ਔਰਤਾਂ ਲਈ ਇਹ ਵਿੱਤੀ ਸਹਾਇਤਾ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਨਿਰੰਤਰ ਪਹੁੰਚਦੀ ਰਹੇਗੀ।”
ਮੁੱਖ ਮੰਤਰੀ ਨੇ ਕਿਹਾ ਕਿ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਯੋਗ ਲਾਭਪਾਤਰੀ ਔਰਤਾਂ ਨੂੰ ਸਿੱਧੇ ਉਨ੍ਹਾਂ ਦੇ ਖ਼ਾਤਿਆਂ ਵਿੱਚ ਵਿੱਤੀ ਸਹਾਇਤਾ ਦੇਣ ਲਈ ਤਿਆਰ ਕੀਤੀ ਗਈ ਹੈ ਅਤੇ ਸੂਬਾ ਸਰਕਾਰ ਨੇ ਹਾਲ ਹੀ ਵਿੱਚ 36.87 ਲੱਖ ਔਰਤਾਂ ਨੂੰ ਤਿੰਨ ਮਹੀਨਿਆਂ ਦੀ 1,262.54 ਕਰੋੜ ਰੁਪਏ ਦੀ ਦੂਜੀ ਕਿਸ਼ਤ ਟਰਾਂਸਫਰ ਕੀਤੀ ਹੈ। ਉਨ੍ਹਾਂ ਕਿਹਾ, “ਸਾਡੀ ਸਰਕਾਰ ਦਾ ਉਦੇਸ਼ ਸਿਰਫ਼ ਐਲਾਨ ਕਰਨਾ ਨਹੀਂ ਹੈ, ਸਗੋਂ ਇਹ ਯਕੀਨੀ ਬਣਾਉਣਾ ਹੈ ਕਿ ਭਲਾਈ ਸਕੀਮਾਂ ਅਸਲ ਵਿੱਚ ਲੋਕਾਂ ਤੱਕ ਪਹੁੰਚਣ। ਉਨ੍ਹਾਂ ਕਿਹਾ ਕਿ ਸ਼ਾਸਨ ਦਾ ਅਸਲ ਉਦੇਸ਼ ਉਦੋਂ ਪੂਰਾ ਹੁੰਦਾ ਹੈ, ਜਦੋਂ ਪਿੰਡ ਵਿੱਚ ਬੈਠੀ ਕਿਸੇ ਔਰਤ ਦੇ ਫ਼ੋਨ ’ਤੇ ਸੁਨੇਹਾ ਆਉਂਦਾ ਹੈ ਕਿ ਉਸ ਦੇ ਖਾਤੇ ਵਿੱਚ ਪੈਸੇ ਜਮ੍ਹਾਂ ਹੋ ਗਏ ਹਨ।”
ਉਨ੍ਹਾਂ ਕਿਹਾ, “ਅਜਿਹਾ ਸੁਨੇਹਾ ਉਸ ਨੂੰ ਭਰੋਸਾ ਦਿਵਾਉਂਦਾ ਹੈ ਕਿ ਸਰਕਾਰ ਉਸ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਦੀ ਭਲਾਈ ਲਈ ਕੀਤੇ ਜਾਣ ਵਾਲੇ ਇਸ ਨੇਕ ਕਾਰਜ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।”
ਕਾਂਗਰਸ, ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ’ਤੇ ਤਿੱਖਾ ਹਮਲਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪਾਰਟੀਆਂ ਔਰਤਾਂ ਨੂੰ ਦਿੱਤੀ ਜਾ ਰਹੀ ਮਹੀਨਾਵਾਰ ਵਿੱਤੀ ਸਹਾਇਤਾ ਦਾ ਵਿਰੋਧ ਕਰ ਰਹੀਆਂ ਹਨ। ਉਨ੍ਹਾਂ ਕਿਹਾ, “ਦਹਾਕਿਆਂ ਤੱਕ ਪੰਜਾਬ ’ਤੇ ਰਾਜ ਕਰਨ ਵਾਲੇ ਲੋਕਾਂ ਨੂੰ ਦੱਸਣਾ ਚਾਹੀਦਾ ਹੈ ਕਿ ਉਨ੍ਹਾਂ ਨੇ ਆਮ ਔਰਤਾਂ ਦੇ ਆਰਥਿਕ ਸਸ਼ਕਤੀਕਰਨ ਲਈ ਕੀ ਕੀਤਾ। ਅੱਜ ਜਦੋਂ ਔਰਤਾਂ ਨੂੰ ਸਿੱਧੀ ਉਨ੍ਹਾਂ ਦੇ ਖ਼ਾਤਿਆਂ ਵਿੱਚ ਵਿੱਤੀ ਸਹਾਇਤਾ ਮਿਲ ਰਹੀ ਹੈ ਤਾਂ ਇਹ ਪਾਰਟੀਆਂ ਇਸ ਸਕੀਮ ’ਤੇ ਸਵਾਲ ਚੁੱਕ ਰਹੀਆਂ ਹਨ।”
ਉਨ੍ਹਾਂ ਕਿਹਾ, “ਸਾਡੀ ਸਰਕਾਰ ਨੇ ਆਪਣਾ ਰੁਖ਼ ਬਿਲਕੁਲ ਸਪੱਸ਼ਟ ਕਰ ਦਿੱਤਾ ਹੈ ਕਿ ਪੰਜਾਬ ਦੀਆਂ ਮਾਵਾਂ ਅਤੇ ਧੀਆਂ ਦੀ ਭਲਾਈ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ।”
ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸਰਕਾਰੀ ਸਕੀਮਾਂ ਦੇ ਲਾਭ ਕੁਝ ਪ੍ਰਭਾਵਸ਼ਾਲੀ ਵਰਗਾਂ ਤੱਕ ਸੀਮਤ ਰੱਖਣ ਦੀ ਬਜਾਏ ਔਰਤਾਂ, ਕਿਸਾਨਾਂ, ਨੌਜਵਾਨਾਂ ਅਤੇ ਵਿਦਿਆਰਥੀਆਂ ਨੂੰ ਆਪਣੇ ਪ੍ਰਸ਼ਾਸਨਿਕ ਮਾਡਲ ਦੇ ਕੇਂਦਰ ਵਿੱਚ ਰੱਖਿਆ ਹੈ। ਉਨ੍ਹਾਂ ਕਿਹਾ, “ਸਰਕਾਰ ਦੀ ਜ਼ਿੰਮੇਵਾਰੀ ਲੋਕਾਂ ਤੋਂ ਟੈਕਸ ਇਕੱਠਾ ਕਰਨਾ ਅਤੇ ਉਸ ਪੈਸੇ ਦੀ ਲੋਕ ਭਲਾਈ ਅਤੇ ਵਿਕਾਸ ਲਈ ਪਾਰਦਰਸ਼ੀ ਢੰਗ ਨਾਲ ਵਰਤੋਂ ਕਰਨਾ ਹੈ।”
ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਵਾਰ-ਵਾਰ ਇਹ ਸਪੱਸ਼ਟ ਕੀਤਾ ਹੈ ਕਿ ਸਰਕਾਰੀ ਖ਼ਜ਼ਾਨਾ ਵਿਕਾਸ ਕਾਰਜਾਂ, ਲੋਕ ਭਲਾਈ ਅਤੇ ਜ਼ਰੂਰੀ ਸੇਵਾਵਾਂ ਵੱਲ ਹੀ ਮੋੜਿਆ ਜਾਣਾ ਚਾਹੀਦਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਯੋਗ ਘਰੇਲੂ ਖਪਤਕਾਰਾਂ ਲਈ ਪ੍ਰਤੀ ਮਹੀਨਾ 300 ਯੂਨਿਟ ਮੁਫ਼ਤ ਬਿਜਲੀ ਜਾਰੀ ਰਹੇਗੀ। ਸਰਕਾਰ ਨੇ ਇਸ ਸਕੀਮ ਰਾਹੀਂ ਪੰਜਾਬ ਦੇ ਘਰ-ਪਰਿਵਾਰਾਂ ਨੂੰ ਵੱਡੀ ਰਾਹਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਬਿਜਲੀ ਦੇ ਬਿੱਲ ਆਮ ਪਰਿਵਾਰਾਂ ’ਤੇ ਵੱਡਾ ਬੋਝ ਸਨ, ਪਰ ਅੱਜ ਯੋਗ ਪਰਿਵਾਰਾਂ ਨੂੰ ਜ਼ੀਰੋ ਬਿੱਲਾਂ ਦੇ ਰੂਪ ਵਿੱਚ ਰਾਹਤ ਮਿਲ ਰਹੀ ਹੈ।”
ਉਨ੍ਹਾਂ ਕਿਹਾ, “ਲੋਕਾਂ ਦੀਆਂ ਗੱਲਾਂ ਕਰਨ ਵਾਲੀ ਸਰਕਾਰ ਅਤੇ ਲੋਕਾਂ ਲਈ ਅਸਲ ਵਿੱਚ ਕੰਮ ਕਰਨ ਵਾਲੀ ਸਰਕਾਰ ਵਿਚਕਾਰ ਇਹੀ ਫ਼ਰਕ ਹੁੰਦਾ ਹੈ।”
ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਖੇਤੀਬਾੜੀ ਲਈ ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਮਿਲਦੀ ਰਹੇਗੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੇ ਖੇਤੀ ਅਰਥਚਾਰੇ ਲਈ ਭਰੋਸੇਯੋਗ ਬਿਜਲੀ ਸਪਲਾਈ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ, “ਖੇਤੀਬਾੜੀ ਲਈ ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਮਿਲਦੀ ਰਹੇਗੀ ਕਿਉਂਕਿ ਭਰੋਸੇਯੋਗ ਬਿਜਲੀ ਸਪਲਾਈ ਪੰਜਾਬ ਦੇ ਖੇਤੀ ਅਰਥਚਾਰੇ ਲਈ ਬਹੁਤ ਅਹਿਮ ਹੈ।”
ਪੰਜਾਬ ਦੇ ਆਪਣੇ ਖ਼ੁਦ ਦੇ ਬਿਜਲੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਚੁੱਕੇ ਗਏ ਕਦਮਾਂ ਨੂੰ ਉਜਾਗਰ ਕਰਦਿਆਂ ਉਨ੍ਹਾਂ ਇਸ ਦਿਸ਼ਾ ਵਿੱਚ ਸਰਕਾਰ ਦੇ ਯਤਨਾਂ ਵਜੋਂ ਗੋਇੰਦਵਾਲ ਸਾਹਿਬ ਥਰਮਲ ਪਾਵਰ ਪਲਾਂਟ ਦੀ ਖ਼ਰੀਦ ਦਾ ਹਵਾਲਾ ਦਿੱਤਾ। ਉਨ੍ਹਾਂ ਕਿਹਾ, “ਸੂਬੇ ਦੇ ਕਿਸਾਨ ਉਸ ਵੇਲੇ ਬਿਜਲੀ ਦੇ ਹੱਕਦਾਰ ਹਨ ਜਦੋਂ ਉਨ੍ਹਾਂ ਨੂੰ ਇਸ ਦੀ ਲੋੜ ਹੁੰਦੀ ਹੈ, ਨਾ ਕਿ ਉਦੋਂ ਜਦੋਂ ਦਫ਼ਤਰ ਵਿੱਚ ਬੈਠਾ ਕੋਈ ਵਿਅਕਤੀ ਉਨ੍ਹਾਂ ਨੂੰ ਬਿਜਲੀ ਦੇਣ ਦਾ ਫ਼ੈਸਲਾ ਕਰੇ। ਇਸ ਲਈ ਖੇਤੀਬਾੜੀ ਲਈ ਦਿਨ ਵੇਲੇ ਬਿਜਲੀ ਜਾਰੀ ਰਹੇਗੀ।”
ਰੋਜ਼ਗਾਰ ਦੇ ਮੁੱਦੇ ’ਤੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰੋਜ਼ਗਾਰ ਦੇ ਮੌਕੇ ਪੈਦਾ ਕਰਨਾ ਉਨ੍ਹਾਂ ਦੀ ਸਰਕਾਰ ਦੀਆਂ ਮੁੱਖ ਤਰਜੀਹਾਂ ਵਿੱਚੋਂ ਇੱਕ ਰਿਹਾ ਹੈ ਅਤੇ ਨਾਲ ਹੀ ਕਿਹਾ ਕਿ ਅਸੀਂ ਭਰਤੀ ਪ੍ਰਕਿਰਿਆ ਵਿੱਚ ਵਿਆਪਕ ਸੁਧਾਰ ਕੀਤੇ ਹਨ, ਜਿਸ ਨਾਲ ਨੌਜਵਾਨਾਂ ਲਈ ਬਿਨਾਂ ਕਿਸੇ ਪੈਸੇ ਜਾਂ ਸਿਫ਼ਾਰਸ਼ ਤੋਂ ਯੋਗਤਾ ਦੇ ਆਧਾਰ ’ਤੇ ਨੌਕਰੀ ਦੇ ਰਾਹ ਖੁੱਲ੍ਹੇ ਹਨ।
ਉਨ੍ਹਾਂ ਕਿਹਾ, ‘‘ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਹਾਸਲ  ਕਰਨ ਲਈ ਪੈਸੇ ਦੇਣ ਜਾਂ ਸਿਫ਼ਾਰਸ਼ਾਂ ਦੀ ਲੋੜ ਨਹੀਂ ਪੈਣੀ ਚਾਹੀਦੀ। ਉਨ੍ਹਾਂ ਦੀ ਯੋਗਤਾ, ਸਮਰੱਥਾ ਅਤੇ ਮੈਰਿਟ ਹੀ ਕਾਫ਼ੀ ਹੈ। ਬਿਨਾਂ ਰਿਸ਼ਵਤ ਅਤੇ ਸਿਫ਼ਾਰਸ਼ ਤੋਂ ਸਰਕਾਰੀ ਨੌਕਰੀਆਂ ਦੇਣ ਦਾ ਸਿਲਸਿਲਾ ਇੰਜ ਹੀ ਜਾਰੀ ਰਹੇਗਾ।’’
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਭਰਤੀ ਪ੍ਰਕਿਰਿਆ ਵਿੱਚ ਨੌਜਵਾਨਾਂ ਦਾ ਭਰੋਸਾ ਬਹਾਲ ਕਰਨ ਅਤੇ ਅਜਿਹਾ ਮਾਹੌਲ ਸਿਰਜਣ ਦੀ ਕੋਸ਼ਿਸ਼ ਕੀਤੀ ਹੈ, ਜਿਸ ਵਿੱਚ ਆਮ ਪਰਿਵਾਰ ਦਾ ਵਿਦਿਆਰਥੀ ਸਿਰਫ਼ ਆਪਣੀ ਮੈਰਿਟ ਦੇ ਦਮ ’ਤੇ ਸਰਕਾਰੀ ਨੌਕਰੀ ਪ੍ਰਾਪਤ ਕਰਨ ਦਾ ਸੁਪਨਾ ਦੇਖ ਸਕੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਨੌਜਵਾਨਾਂ ਨੂੰ ਪੂਰੇ ਪਾਰਦਰਸ਼ੀ ਢੰਗ ਨਾਲ 70,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ, ‘‘ਇੱਕ ਗਰੀਬ ਪਰਿਵਾਰ ਲਈ, ਧੀ ਜਾਂ ਪੁੱਤਰ ਦਾ ਨਿਯੁਕਤੀ ਪੱਤਰ ਸਿਰਫ਼ ਕਾਗਜ਼ ਦਾ ਟੁਕੜਾ ਨਹੀਂ ਹੁੰਦਾ, ਸਗੋਂ ਇਹ ਪੂਰੇ ਪਰਿਵਾਰ ਦਾ ਭਵਿੱਖ ਬਦਲਣ ਦਾ ਸੋਮਾ ਹੁੰਦਾ  ਹੈ।’’
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਲਿਆਂਦਾ ਗਿਆ ਬਦਲਾਅ ਉਨ੍ਹਾਂ ਦੀ ਸਰਕਾਰ ਦੀ ਇੱਕ ਹੋਰ ਵੱਡੀ ਪ੍ਰਾਪਤੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਵਿਚਾਰ ਨਾਲ ਬਿਲਕੁਲ ਸਹਿਮਤ ਨਹੀਂ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਨੂੰ ਦੂਜੇ ਦਰਜੇ (ਘਟੀਆ) ਸਹੂਲਤਾਂ ਮਿਲਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ, ‘‘ਅਸੀਂ ਬੁਨਿਆਦੀ ਢਾਂਚੇ, ਸਮਾਰਟ ਕਲਾਸਰੂਮਾਂ, ਅਧਿਆਪਕਾਂ ਦੀ ਸਿਖਲਾਈ ਅਤੇ ਸਿੱਖਣ ਲਈ ਬਿਹਤਰ ਮਾਹੌਲ ’ਤੇ ਨਿਵੇਸ਼ ਕੀਤਾ। ਨਤੀਜਾ ਇਹ ਹੈ ਕਿ ਸਕੂਲੀ ਸਿੱਖਿਆ ਦੇ ਮੁਲਾਂਕਣ ਵਿੱਚ ਪੰਜਾਬ ਹੇਠਲੇ ਦਰਜੇ ਤੋਂ ਉੱਪਰ ਉੱਠ ਕੇ ਮੋਹਰੀ ਸਥਾਨ ’ਤੇ ਪਹੁੰਚ ਗਿਆ ਹੈ।’’
ਉਨ੍ਹਾਂ ਕਿਹਾ ਕਿ ਸਰਕਾਰ ਦੇ ਸਿੱਖਿਆ ਸੁਧਾਰਾਂ ਨੇ ਆਮ ਪਰਿਵਾਰਾਂ ਦੇ ਵਿਦਿਆਰਥੀਆਂ ਦੀਆਂ ਉਮੀਦਾਂ ਅਤੇ ਸੁਪਨਿਆਂ ਨੂੰ ਉਡਾਨ ਦਿੱਤੀ ਹੈ। ਉਨ੍ਹਾਂ ਕਿਹਾ, ‘‘ਪਹਿਲਾਂ, ਗਰੀਬ ਪਰਿਵਾਰਾਂ ਦੇ ਬੱਚਿਆਂ ਨੂੰ ਅਕਸਰ ਹਾਲਾਤ ਨਾਲ ਸਮਝੌਤਾ ਕਰਨ ਲਈ ਕਿਹਾ ਜਾਂਦਾ ਸੀ, ਪਰ ਹੁਣ ਉਹ ਡਾਕਟਰ, ਇੰਜਨੀਅਰ, ਸਿਵਲ ਅਧਿਕਾਰੀ ਜਾਂ ਓਲੰਪੀਅਨ ਬਣਨ ਦੇ ਸੁਪਨੇ ਦੇਖ ਰਹੇ ਹਨ। ਇਹ ਹੀ ਪੰਜਾਬ ਦੀ ਅਸਲ ਤਬਦੀਲੀ ਹੈ।’’
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਮੁਕਾਬਲਾ  ਪ੍ਰੀਖਿਆਵਾਂ ਦੀ ਤਿਆਰੀ ਅਤੇ ਮੌਕੇ ਪ੍ਰਦਾਨ ਕਰਨ ’ਤੇ ਵੀ ਧਿਆਨ ਕੇਂਦਰਿਤ ਕੀਤਾ ਹੈ। ਉਨ੍ਹਾਂ ਕਿਹਾ, ‘‘ਅਸੀਂ ਚਾਹੁੰਦੇ ਹਾਂ ਕਿ ਆਮ ਪਰਿਵਾਰਾਂ ਦੇ ਬੱਚਿਆਂ ਨੂੰ ਆਪਣੀ ਸਮਰੱਥਾ ਅਤੇ ਸਖ਼ਤ ਮਿਹਨਤ ਦੇ ਦਮ ’ਤੇ ਮੁਕਾਬਲਾ ਕਰਨ ਅਤੇ ਅੱਗੇ ਵਧਣ ਦਾ ਮੌਕਾ ਮਿਲੇ।’’
ਉਨ੍ਹਾਂ ਕਿਹਾ ਕਿ ਪੇਂਡੂ ਪੰਜਾਬ ਵਿੱਚੋਂ ਖਿਡਾਰੀਆਂ ਦਾ ਉੱਭਰਨਾ ਇਸ ਗੱਲ ਦਾ ਪ੍ਰਤੱਖ ਪ੍ਰਮਾਣ ਹੈ ਕਿ ਸੂਬੇ ਵਿੱਚ ਕਾਬਲੀਅਤ ਦੀ ਕਦੇ ਵੀ ਕੋਈ ਕਮੀ ਨਹੀਂ ਸੀ। ਅਸਲ ਵਿੱਚ ਜਿਸ ਚੀਜ਼ ਦੀ ਘਾਟ ਸੀ, ਉਹ ਹੈ ਬੁਨਿਆਦੀ ਢਾਂਚਾ ਅਤੇ ਮੌਕੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘‘ਪੰਜਾਬ ਦੇ ਪਿੰਡਾਂ ਵਿੱਚ ਹਮੇਸ਼ਾ ਹੀ ਪ੍ਰਤਿਭਾ ਰਹੀ ਹੈ ਅਤੇ ਸਾਡੀ ਜ਼ਿੰਮੇਵਾਰੀ ਹੈ ਕਿ ਅਸੀਂ ਉਸ ਪ੍ਰਤਿਭਾ ਨੂੰ ਖੇਡ ਮੈਦਾਨ, ਕੋਚ, ਸਾਜ਼ੋ-ਸਾਮਾਨ ਅਤੇ ਮੌਕੇ ਮੁਹੱਈਆ ਕਰਵਾਈਏ।’’
ਮੁੱਖ ਮੰਤਰੀ ਨੇ ਕਿਹਾ, ‘‘ਜਦੋਂ ਪਿੰਡਾਂ ਤੱਕ ਸਹੂਲਤਾਂ ਪਹੁੰਚਣੀਆਂ ਸ਼ੁਰੂ ਹੋਈਆਂ ਤਾਂ ਉੱਥੋਂ ਦੇ ਬੱਚੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੰਚਾਂ ਤੱਕ ਪਹੁੰਚਣ ਲੱਗੇ ਅਤੇ ਦੇਸ਼ ਲਈ ਤਗਮੇ ਜਿੱਤਣ ਲੱਗੇ। ਖੇਡਾਂ ਨੂੰ ਸਿਰਫ਼ ਮਨੋਰੰਜਨ ਵਜੋਂ ਨਹੀਂ, ਸਗੋਂ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇਣ ਵਾਲੇ ਪਾਸੇ ਲਾਉਣ ਦੇ ਇੱਕ ਅਹਿਮ ਸਾਧਨ ਵਜੋਂ ਦੇਖਿਆ ਜਾਣਾ ਚਾਹੀਦਾ ਹੈ।’’
ਉਨ੍ਹਾਂ ਕਿਹਾ, ‘‘ ਖੇਡ ਮੈਦਾਨ ਨੌਜਵਾਨ ਨੂੰ ਗਲਤ ਰਾਹ ’ਤੇ ਜਾਣ ਤੋਂ ਬਚਾ ਸਕਦਾ ਹੈ ਅਤੇ ਇੱਕ ਵਧੀਆ ਕੋਚ ਬੱਚੇ ਦੀ ਜ਼ਿੰਦਗੀ ਬਦਲ ਸਕਦਾ ਹੈ। ਕਿਸੇ ਪੰਜਾਬੀ ਨੌਜਵਾਨ ਵੱਲੋਂ ਜਿੱਤਿਆ ਗਿਆ ਤਗਮਾ ਨਾ ਸਿਰਫ਼ ਇੱਕ ਪਰਿਵਾਰ ਲਈ, ਸਗੋਂ ਪੂਰੇ ਸੂਬੇ ਲਈ ਮਾਣ ਵਾਲੀ ਗੱਲ ਹੁੰਦੀ ਹੈ।’’
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਕੀਤੇ ਗਏ ਵਾਅਦਿਆਂ ਨਾਲੋਂ ਵੱਧ ਕੰਮ ਕਰਕੇ ਦਿਖਾਇਆ ਹੈ। ਉਨ੍ਹਾਂ ਕਿਹਾ, ‘‘ਸਾਡੀ ਸਰਕਾਰ ਲੋਕਾਂ ਕੋਲ ਵਾਅਦੇ ਲੈ ਕੇ ਆਈ ਸੀ, ਪਰ ਅਸੀਂ ਸਿਰਫ਼ ਵਾਅਦਿਆਂ ਤੱਕ ਹੀ ਸੀਮਤ ਨਹੀਂ ਰਹੇ। ਅਸੀਂ ਮੁਫ਼ਤ ਬਿਜਲੀ, ਬਿਹਤਰ ਸਰਕਾਰੀ ਸਕੂਲ, ਸਿਹਤ ਸਹੂਲਤਾਂ, ਰੋਜ਼ਗਾਰ, ਨਹਿਰੀ ਪਾਣੀ, ਬੁਨਿਆਦੀ ਢਾਂਚਾ ਅਤੇ ਔਰਤਾਂ ਲਈ ਵਿੱਤੀ ਸਹਾਇਤਾ ਵਰਗੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਹਨ। ਇਹ ਸਾਰੇ ਉਪਰਾਲੇ ਇੱਕ ਵੱਡੀ ਤਬਦੀਲੀ ਦਾ ਹਿੱਸਾ ਹਨ।’’
ਉਨ੍ਹਾਂ ਕਿਹਾ ਕਿ ਸਰਕਾਰ ਨੇ ’ਲੋਕ ਮਿਲਣੀ’ ਵਰਗੇ ਪ੍ਰੋਗਰਾਮਾਂ ਰਾਹੀਂ ਪ੍ਰਸ਼ਾਸਨ ਨੂੰ ਸਿੱਧਾ ਲੋਕਾਂ ਤੱਕ ਪਹੁੰਚਾ ਕੇ ਸ਼ਾਸਨ ਪ੍ਰਣਾਲੀ ਨੂੰ ਵਧੇਰੇ ਪਹੁੰਚਯੋਗ ਬਣਾਉਣ ਦੀ ਕੋਸ਼ਿਸ਼ ਕੀਤੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘‘ਮੈਂ ਇੱਥੇ ਸਿਰਫ਼ ਮੰਚ ’ਤੇ ਬੈਠਣ ਜਾਂ ਪਹਿਲਾਂ ਤੋਂ ਤਿਆਰ ਕੀਤੇ ਭਾਸ਼ਣ ਸੁਣਨ ਲਈ ਨਹੀਂ ਆਇਆ ਹਾਂ, ਬਲਕਿ ਸਿੱਧੇ ਤੌਰ ਤੇ ਲੋਕਾਂ ਦੀ ਗੱਲ ਸੁਣਨ ਆਇਆ ਹਾਂ। ਉਨ੍ਹਾਂ ਦੀਆਂ ਸਮੱਸਿਆਵਾਂ, ਸੁਝਾਅ ਅਤੇ ਉਨ੍ਹਾਂ ਦੀਆਂ ਉਮੀਦਾਂ ਹੀ ਸਰਕਾਰ ਦਾ ਅਸਲ ਏਜੰਡਾ ਹਨ।’’
ਭਾਜਪਾ, ਕਾਂਗਰਸ ਅਤੇ ਅਕਾਲੀ ਦਲ ’ਤੇ ਤਿੱਖਾ ਨਿਸ਼ਾਨਾ ਸੇਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪਾਰਟੀਆਂ ਪੰਜਾਬ ਲਈ ਕੋਈ ਉਸਾਰੂ ਜਾਂ ਨਿਵੇਕਲਾ ਰੋਡਮੈਪ ਪੇਸ਼ ਕਰਨ ਦੀ ਬਜਾਏ ਸਰਕਾਰ ਦੀ ਆਲੋਚਨਾ ਕਰਨ ’ਤੇ ਜ਼ਿਆਦਾ ਧਿਆਨ ਦੇ ਰਹੀਆਂ ਹਨ। ਉਨ੍ਹਾਂ ਕਿਹਾ, ‘‘ਪੰਜਾਬ ਦੇ ਲੋਕ ਇਹ ਜਾਣਨਾ ਚਾਹੁੰਦੇ ਹਨ ਕਿ ਪੰਜਾਬ ਲਈ ਉਨ੍ਹਾਂ ਦਾ ਕੀ ਟੀਚਾ ਹੈ? ਉਹ ਔਰਤਾਂ ਲਈ ਕੀ ਕਰਨਗੇ? ਉਹ ਕਿਸਾਨਾਂ ਲਈ ਕੀ ਕਰਨਗੇ? ਉਹ ਨੌਜਵਾਨਾਂ ਲਈ ਕੀ ਕਰਨਗੇ? ਉਹ ਸਰਕਾਰੀ ਸਕੂਲਾਂ ਲਈ ਕੀ ਕਰਨਗੇ? ਉਹ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਕੀ ਕਰਨਗੇ?’’
ਉਨ੍ਹਾਂ ਕਿਹਾ, ‘‘ਇਨ੍ਹਾਂ ਸਵਾਲਾਂ ਦੇ ਜਵਾਬ ਦੇਣ ਦੀ ਬਜਾਏ, ਉਹ ਸਿਰਫ਼ ਕੀਤੇ ਜਾ ਰਹੇ ਕੰਮਾਂ ਦਾ ਵਿਰੋਧ ਕਰਦੇ ਹਨ।’’
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਨੇ ਸੱਤਾ ਵਿੱਚ ਕਈ ਦਹਾਕੇ ਬਿਤਾਏ ਹਨ ਪਰ ਉਹ ਜਨਤਕ ਸੇਵਾ ਦਾ ਕੋਈ ਬਿਹਤਰ ਮਾਡਲ ਪੇਸ਼ ਕਰਨ ਵਿੱਚ ਅਸਫਲ ਰਹੀਆਂ ਹਨ। ਉਨ੍ਹਾਂ ਕਿਹਾ, ‘‘ਸਿਆਸੀ ਪਾਰਟੀਆਂ ਨੂੰ ਇੱਕ-ਦੂਜੇ ਦਾ ਵਿਰੋਧ ਕਰਨ ਦੀ ਬਜਾਏ ਠੋਸ ਪ੍ਰੋਗਰਾਮਾਂ ਨਾਲ ਲੋਕਾਂ ਸਾਹਮਣੇ ਆਉਣਾ ਚਾਹੀਦਾ ਹੈ। ਪੰਜਾਬ ਨੂੰ ਨਾਅਰਿਆਂ ਦੀ ਸਿਆਸਤ ਦੀ ਨਹੀਂ, ਸਗੋਂ ਕਾਰਗੁਜ਼ਾਰੀ ਵਾਲੀ ਸਿਆਸਤ ਦੀ ਲੋੜ ਹੈ। ਲੋਕ ਇੰਨੇ ਸਮਝਦਾਰ ਹਨ ਕਿ ਉਹ ਦੇਖ ਸਕਦੇ ਹਨ ਕਿ ਕੌਣ ਕੰਮ ਕਰ ਰਿਹਾ ਹੈ ਅਤੇ ਕੌਣ ਸਿਰਫ਼ ਗੱਲਾਂ ਕਰ ਰਿਹਾ ਹੈ।’’
ਉਨ੍ਹਾਂ ਕਿਹਾ, ‘‘ਪੰਜਾਬ ਦੇ ਲੋਕਾਂ ਨੂੰ ਹਰ ਸਿਆਸੀ ਪਾਰਟੀ ਤੋਂ ਜਵਾਬਦੇਹੀ ਮੰਗਣ ਦਾ ਹੱਕ ਹੈ ਅਤੇ ਪੰਜਾਬ ਦੇ ਵਿਕਾਸ ਦਾ
ਅਗਲਾ ਪੜਾਅ ਸ਼ੁਰੂ ਹੋ ਚੁੱਕਾ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੇ ਹਰ ਖੇਤਰ ਨੂੰ ਮਜ਼ਬੂਤ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਕੰਮ ਕਰਨਾ ਜਾਰੀ ਰੱਖੇਗੀ ਕਿ ਵਿਕਾਸ ਪਿੰਡਾਂ ਦੇ ਨਾਲ-ਨਾਲ ਸ਼ਹਿਰਾਂ ਤੱਕ ਵੀ ਪਹੁੰਚੇ। ਉਨ੍ਹਾਂ ਕਿਹਾ, ‘‘ਸੂਬਾ ਸਰਕਾਰ ਦਾ ਟੀਚਾ ਅਜਿਹਾ ਪੰਜਾਬ ਸਿਰਜਣਾ ਹੈ, ਜਿੱਥੇ ਔਰਤ ਕੋਲ ਆਰਥਿਕ ਮਾਣ-ਸਨਮਾਨ ਹੋਵੇ, ਕਿਸਾਨ ਕੋਲ ਭਰੋਸੇਯੋਗ ਬਿਜਲੀ ਅਤੇ ਸਿੰਚਾਈ ਦੀ ਸਹੂਲਤ ਹੋਵੇ, ਨੌਜਵਾਨ ਨੂੰ ਯੋਗਤਾ ਦੇ ਆਧਾਰ ’ਤੇ ਰੁਜ਼ਗਾਰ ਮਿਲੇ, ਬੱਚੇ ਨੂੰ ਸਰਕਾਰੀ ਸਕੂਲ ਵਿੱਚ ਮਿਆਰੀ ਸਿੱਖਿਆ ਮਿਲੇ ਅਤੇ ਪ੍ਰਤਿਭਾਸ਼ਾਲੀ ਖਿਡਾਰੀ ਨੂੰ ਤਗਮੇ ਜਿੱਤਣ ਲਈ ਲੋੜੀਂਦੀਆਂ ਸਹੂਲਤਾਂ ਮਿਲਣ।’’
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਉਨ੍ਹਾਂ ਦੀ ਸਰਕਾਰ ਨੂੰ ਸੇਵਾ ਕਰਨ ਦੀ ਜ਼ਿੰਮੇਵਾਰੀ ਸੌਂਪੀ ਹੈ ਅਤੇ ਉਹ ਇਸ ਜ਼ਿੰਮੇਵਾਰੀ ਨੂੰ ਇਮਾਨਦਾਰੀ ਤੇ ਲਗਨ ਨਾਲ ਨਿਭਾ ਰਹੇ ਹਨ। ਉਨ੍ਹਾਂ ਕਿਹਾ, ‘‘ਜੋ ਕੰਮ ਸ਼ੁਰੂ ਹੋਇਆ ਹੈ, ਉਹ ਹੁਣ ਰੁਕੇਗਾ ਨਹੀਂ।’’
ਉਨ੍ਹਾਂ ਕਿਹਾ, ‘‘ਔਰਤਾਂ ਦੇ ਫੋਨਾਂ ’ਤੇ ਨੋਟੀਫਿਕੇਸ਼ਨ ਆਉਣ ਦਾ ਸਿਲਸਿਲਾ ਜਾਰੀ ਰਹੇਗਾ, ਮੁਫ਼ਤ ਬਿਜਲੀ ਮਿਲਦੀ ਰਹੇਗੀ, ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਮਿਲਦੀ ਰਹੇਗੀ, ਯੋਗਤਾ-ਆਧਾਰਿਤ ਭਰਤੀ ਜਾਰੀ ਰਹੇਗੀ ਅਤੇ ਪੰਜਾਬ ਦੀ ਕਾਇਆ-ਕਲਪ ਦਾ ਕੰਮ ਵੀ ਜਾਰੀ ਰਹੇਗਾ।’’
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਸ਼ਾਸਨ ਦਾ ਅਸਲ ਪੈਮਾਨਾ ਆਮ ਲੋਕਾਂ ਦੇ ਰੋਜ਼ਾਨਾ ਜੀਵਨ ਵਿੱਚ ਆਇਆ ਸੁਧਾਰ ਹੁੰਦਾ ਹੈ। ਉਨ੍ਹਾਂ ਕਿਹਾ, ‘‘ਸਾਡੀ ਸਰਕਾਰ ਇੱਕ ਮਜ਼ਬੂਤ, ਖ਼ੁਸ਼ਹਾਲ ਸ਼ਹਾਲ ਅਤੇ ਤਰੱਕੀ-ਪਸੰਦ ਪੰਜਾਬ ਦੀ ਸਿਰਜਣਾ ਦੇ ਉਦੇਸ਼ ਨਾਲ ਕੰਮ ਕਰਨਾ ਜਾਰੀ ਰੱਖੇਗੀ।’’

pbpunjab additional image pbpunjab additional image pbpunjab additional image pbpunjab additional image

our-govt-will-never-let-toon-toon-notifications-on-mawan-dheeyan-s-phones-stop-cm-bhagwant-singh-mann


pbpunjab ad banner image pbpunjab ad banner image pbpunjab ad banner image

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com