ਪੰਜਾਬ ਸਰਕਾਰ ਦਾ ਸਮਾਜਿਕ ਸੁਰੱਖਿਆ ਕਵਚ ਹੋਰ ਮਜ਼ਬੂਤ; 36.39 ਲੱਖ ਲਾਭਪਾਤਰੀਆਂ ਨੂੰ 3,243 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ
Oct10,2026
| Narinder Kumar | Chandigarh
- *ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਰ ਲੋੜਵੰਦ ਤੱਕ ਸਮੇਂ ਸਿਰ ਸਰਕਾਰੀ ਸਹਾਇਤਾ ਪਹੁੰਚਾਉਣ ਲਈ ਪੰਜਾਬ ਸਰਕਾਰ ਵਚਨਬੱਧ*
- *ਵਿਧਵਾ ਤੇ ਨਿਆਸ਼ਰਿਤ ਔਰਤਾਂ ਅਤੇ ਆਸ਼ਰਿਤ ਬੱਚਿਆਂ ਨੂੰ 841.76 ਕਰੋੜ ਰੁਪਏ, ਬਜ਼ੁਰਗਾਂ ਤੇ ਦਿਵਿਆਂਗ ਵਿਅਕਤੀਆਂ ਨੂੰ 2,401.67 ਕਰੋੜ ਰੁਪਏ ਜਾਰੀ*
- *ਡਾ. ਬਲਜੀਤ ਕੌਰ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼—ਕੋਈ ਵੀ ਯੋਗ ਵਿਅਕਤੀ ਸਮਾਜਿਕ ਸੁਰੱਖਿਆ ਸਕੀਮਾਂ ਦੇ ਲਾਭ ਤੋਂ ਵਾਂਝਾ ਨਾ ਰਹੇ*
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਖਾਸ ਕਰਕੇ ਸਮਾਜ ਦੇ ਕਮਜ਼ੋਰ, ਹਾਸ਼ੀਏ ’ਤੇ ਰਹਿੰਦੇ ਅਤੇ ਲੋੜਵੰਦ ਵਰਗਾਂ ਨੂੰ ਸਮਾਜਿਕ ਸੁਰੱਖਿਆ ਪ੍ਰਦਾਨ ਕਰਨ ਲਈ ਲਗਾਤਾਰ ਨਤੀਜਾ ਕੇਂਦਰਿਤ ਕਦਮ ਚੁੱਕ ਰਹੀ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਾਲੂ ਵਿੱਤੀ ਸਾਲ ਦੌਰਾਨ ਵੱਖ-ਵੱਖ ਸਮਾਜਿਕ ਸੁਰੱਖਿਆ ਸਕੀਮਾਂ ਅਧੀਨ ਹੁਣ ਤੱਕ 3,243 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਜਾ ਚੁੱਕੀ ਹੈ, ਜਿਸ ਨਾਲ ਸੂਬੇ ਦੇ 36.39 ਲੱਖ ਲਾਭਪਾਤਰੀਆਂ ਨੂੰ ਸਿੱਧਾ ਲਾਭ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਸਿਰਫ਼ ਵਿੱਤੀ ਸਹਾਇਤਾ ਪ੍ਰਦਾਨ ਕਰਨਾ ਹੀ ਨਹੀਂ, ਸਗੋਂ ਲੋੜਵੰਦ ਲੋਕਾਂ ਨੂੰ ਸਨਮਾਨਜਨਕ ਅਤੇ ਸੁਰੱਖਿਅਤ ਜੀਵਨ ਜਿਉਣ ਲਈ ਮਜ਼ਬੂਤ ਸਹਾਰਾ ਦੇਣਾ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਅਤੇ ਆਸ਼ਰਿਤ ਬੱਚਿਆਂ ਲਈ ਵਿੱਤੀ ਸਹਾਇਤਾ ਵਜੋਂ 841.76 ਕਰੋੜ ਰੁਪਏ ਦੀ ਰਾਸ਼ੀ 9.45 ਲੱਖ ਲਾਭਪਾਤਰੀਆਂ ਨੂੰ ਜਾਰੀ ਕੀਤੀ ਜਾ ਚੁੱਕੀ ਹੈ। ਇਸੇ ਤਰ੍ਹਾਂ ਬਜ਼ੁਰਗਾਂ ਅਤੇ ਦਿਵਿਆਂਗ ਵਿਅਕਤੀਆਂ ਨੂੰ ਵਿੱਤੀ ਸਹਾਇਤਾ ਵਜੋਂ 2,401.67 ਕਰੋੜ ਰੁਪਏ ਦੀ ਰਾਸ਼ੀ 26.94 ਲੱਖ ਲਾਭਪਾਤਰੀਆਂ ਨੂੰ ਮੁਹੱਈਆ ਕਰਵਾਈ ਗਈ ਹੈ।
ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੰਤਵ ਹੈ ਕਿ ਸੂਬੇ ਦਾ ਕੋਈ ਵੀ ਲੋੜਵੰਦ ਨਾਗਰਿਕ ਆਰਥਿਕ ਸਹਾਇਤਾ ਦੀ ਲੋੜ ਸਮੇਂ ਆਪਣੇ ਆਪ ਨੂੰ ਇਕੱਲਾ ਮਹਿਸੂਸ ਨਾ ਕਰੇ। ਸਰਕਾਰ ਹਰ ਯੋਗ ਵਿਅਕਤੀ ਤੱਕ ਪਾਰਦਰਸ਼ੀ ਅਤੇ ਸਮੇਂ ਸਿਰ ਢੰਗ ਨਾਲ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ ਲਈ ਵਚਨਬੱਧ ਹੈ।
ਉਨ੍ਹਾਂ ਦੱਸਿਆ ਕਿ ਸਮਾਜਿਕ ਸੁਰੱਖਿਆ ਸਕੀਮਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਲਾਭਪਾਤਰੀਆਂ ਨੂੰ ਨਿਰਵਿਘਨ ਸਹਾਇਤਾ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਵਿੱਤੀ ਸਾਲ 2026-27 ਦੌਰਾਨ 6,131.91 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਗਿਆ ਹੈ।
ਕੈਬਨਿਟ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਮਾਜਿਕ ਸੁਰੱਖਿਆ ਸਕੀਮਾਂ ਸਬੰਧੀ ਲੋਕਾਂ ਵਿੱਚ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕੀਤੀ ਜਾਵੇ, ਯੋਗ ਲਾਭਪਾਤਰੀਆਂ ਦੀਆਂ ਅਰਜ਼ੀਆਂ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਇਆ ਜਾਵੇ ਅਤੇ ਫੀਲਡ ਪੱਧਰ ’ਤੇ ਨਿਯਮਤ ਨਿਗਰਾਨੀ ਕੀਤੀ ਜਾਵੇ।
ਉਨ੍ਹਾਂ ਸਪੱਸ਼ਟ ਕਿਹਾ ਕਿ ਸੂਬੇ ਦਾ ਕੋਈ ਵੀ ਯੋਗ ਵਿਅਕਤੀ ਸਰਕਾਰ ਦੀਆਂ ਸਮਾਜਿਕ ਸੁਰੱਖਿਆ ਸਕੀਮਾਂ ਦੇ ਲਾਭ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ ਅਤੇ ਅਧਿਕਾਰੀ ਇਹ ਯਕੀਨੀ ਬਣਾਉਣ ਕਿ ਸਰਕਾਰ ਵੱਲੋਂ ਲੋਕ ਭਲਾਈ ਲਈ ਰੱਖਿਆ ਗਿਆ ਹਰ ਰੁਪਇਆ ਅਸਲ ਹੱਕਦਾਰ ਤੱਕ ਪਹੁੰਚੇ।
_______
punjab-strengthens-social-safety-net-over-3-243-crore-released-to-benefit-36-39-lakh-people-under-social-security-schemes-dr-baljit-kaur