ਨਿਯੁਕਤੀ ਨਾਲ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ, ਪਾਰਟੀ ਹਾਈ ਕਮਾਂਡ ਦਾ ਕੀਤਾ ਧੰਨਵਾਦ
ਸ਼੍ਰੋਮਣੀ ਅਕਾਲੀ ਦਲ ਵੱਲੋਂ ਲੁਧਿਆਣਾ ਦੱਖਣੀ ਵਿਧਾਨ ਸਭਾ ਹਲਕੇ ਨਾਲ ਸਬੰਧਤ ਨੌਜਵਾਨ ਆਗੂ ਰੋਬੀ ਗਰਚਾ ਨੂੰ ਪਾਰਟੀ ਪ੍ਰਤੀ ਉਨ੍ਹਾਂ ਦੀਆਂ ਸ਼ਲਾਘਾਯੋਗ ਪੰਥਕ ਸੇਵਾਵਾਂ ਅਤੇ ਸਰਗਰਮੀਆਂ ਨੂੰ ਦੇਖਦਿਆਂ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਿਰਦੇਸ਼ਾਂ ਅਨੁਸਾਰ ਰੋਬੀ ਗਰਚਾ ਨੂੰ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਹੈ।
ਰੋਬੀ ਗਰਚਾ ਦੀ ਇਸ ਨਿਯੁਕਤੀ ਤੋਂ ਬਾਅਦ ਉਨ੍ਹਾਂ ਦੇ ਸਮਰਥਕਾਂ ਵਿੱਚ ਖੁਸ਼ੀ ਅਤੇ ਉਤਸ਼ਾਹ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ। ਇਸ ਮੌਕੇ ਰੋਬੀ ਗਰਚਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ, ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਸਮੇਤ ਸਮੁੱਚੀ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਪ੍ਰਗਟ ਕੀਤਾ।
ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਸੌਂਪੀ ਗਈ ਇਸ ਅਹਿਮ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ, ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਯੂਥ ਅਕਾਲੀ ਦਲ ਹਮੇਸ਼ਾ ਨੌਜਵਾਨਾਂ ਨੂੰ ਅੱਗੇ ਵਧਾਉਣ ਅਤੇ ਉਨ੍ਹਾਂ ਨੂੰ ਪਾਰਟੀ ਵਿੱਚ ਅਹਿਮ ਜ਼ਿੰਮੇਵਾਰੀਆਂ ਦੇਣ ਵਿੱਚ ਵਿਸ਼ਵਾਸ ਰੱਖਦਾ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਸਮੇਂ-ਸਮੇਂ 'ਤੇ ਨੌਜਵਾਨ ਆਗੂਆਂ 'ਤੇ ਭਰੋਸਾ ਪ੍ਰਗਟਾ ਕੇ ਉਨ੍ਹਾਂ ਨੂੰ ਅੱਗੇ ਆਉਣ ਦੇ ਮੌਕੇ ਦਿੱਤੇ ਜਾਂਦੇ ਰਹੇ ਹਨ।
ਉਨ੍ਹਾਂ ਅੱਗੇ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣ ਦੇ ਨਾਲ-ਨਾਲ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਉਠਾਉਣ ਲਈ ਸਰਗਰਮੀ ਨਾਲ ਕੰਮ ਕਰਨਗੇ।