the-chief-minister-appealed-to-the-villagers-to-unanimously-select-panchayats-for-development-

ਮੁੱਖ ਮੰਤਰੀ ਵੱਲੋਂ ਪਿੰਡ ਵਾਸੀਆਂ ਨੂੰ ਵਿਕਾਸ ਲਈ ਪੰਚਾਇਤਾਂ ਦੀ ਚੋਣ ਸਰਬਸੰਮਤੀ ਨਾਲ ਕਰਨ ਦੀ ਅਪੀਲ ਸਰਕਾਰ ਵੱਲੋਂ ਸਰਬਸੰਮਤੀ ਵਾਲੇ ਪਿੰਡਾਂ ਨੂੰ ਵੱਧ ਫੰਡ ਦੇਣ ਦੀ ਗੱਲ ਦੁਹਰਾਈ

Oct4,2024 | Narinder Kumar | Satoj Sangrur

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਲੋਕਾਂ ਨੂੰ ਆਗਾਮੀ ਪੰਚਾਇਤੀ ਚੋਣਾਂ ਦੌਰਾਨ ਪੈਸੇ ਅਤੇ ਤਾਕਤ ਦੀ ਵਰਤੋਂ ਕਰਨ ਵਾਲਿਆਂ ਨੂੰ ਪੂਰੀ ਤਰ੍ਹਾਂ ਨਕਾਰਨ ਦਾ ਸੱਦਾ ਦਿੱਤਾ ਹੈ। ਆਪਣੇ ਪਿੰਡ ਦੇ ਦੌਰੇ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਚਾਇਤੀ ਚੋਣਾਂ ਦੇਸ਼ ਵਿੱਚ ਜਮਹੂਰੀ ਪ੍ਰਣਾਲੀ ਦਾ ਆਧਾਰ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਦਾ ਮਕਸਦ ਲੋਕਾਂ ਨੂੰ ਜ਼ਮੀਨੀ ਪੱਧਰ 'ਤੇ ਲੋਕਤੰਤਰ ਦਾ ਹਿੱਸਾ ਬਣਾਉਣਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਚੋਣਾਂ ਨੂੰ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਕਿਹਾ ਕਿ ਲੋਕ ਪੰਚਾਇਤਾਂ ਵਿੱਚ ਚੁਣੇ ਜਾਣ ਵਾਲੇ ਉਮੀਦਵਾਰਾਂ ਬਾਰੇ ਸਰਬਸੰਮਤੀ ਬਣਾਉਣ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਨ੍ਹਾਂ ਚੋਣਾਂ ਵਿੱਚ ਪੈਸੇ ਅਤੇ ਤਾਕਤ ਦੀ ਵਰਤੋਂ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਤਾਂ ਜੋ ਉਹ ਜਮਹੂਰੀ ਪ੍ਰਕਿਰਿਆ ਦਾ ਅਨਿੱਖੜਵਾਂ ਅੰਗ ਬਣਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੂਬੇ ਭਰ ਦੇ ਪਿੰਡਾਂ ਦੇ ਸਰਵਪੱਖੀ ਵਿਕਾਸ ਦੇ ਨਾਲ-ਨਾਲ ਉਨ੍ਹਾਂ ਵਿੱਚ ਭਾਈਚਾਰਕ ਸਾਂਝ ਅਤੇ ਫਿਰਕੂ ਸਦਭਾਵਨਾ ਮਜ਼ਬੂਤ ਕਰਨ ਵਿੱਚ ਸਹਾਈ ਹੋਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਪੰਚਾਇਤੀ ਚੋਣਾਂ ਬਿਨਾਂ ਪਾਰਟੀ ਚੋਣ ਨਿਸ਼ਾਨਾਂ ਤੋਂ ਲੜੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਪਿੰਡਾਂ ਵਿੱਚੋਂ ਧੜੇਬੰਦੀ ਖ਼ਤਮ ਹੋਵੇਗੀ ਅਤੇ ਪੇਂਡੂ ਖੇਤਰ ਦਾ ਸਰਵਪੱਖੀ ਵਿਕਾਸ ਯਕੀਨੀ ਬਣੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਵਡੇਰੇ ਲੋਕ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਉਮੀਦਵਾਰਾਂ ਨੂੰ ਪਾਰਟੀ ਦੇ ਚੋਣ ਨਿਸ਼ਾਨਾਂ 'ਤੇ ਚੋਣ ਲੜਨ ਤੋਂ ਰੋਕਣ ਦਾ ਵੱਡਾ ਫੈਸਲਾ ਲਿਆ ਹੈ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਜਿਹੜਾ ਵੀ ਪਿੰਡ ਸਰਬਸੰਮਤੀ ਨਾਲ ਪੰਚਾਇਤਾਂ ਦੀ ਚੋਣ ਕਰੇਗਾ, ਉਸ ਪਿੰਡ ਨੂੰ ਸਟੇਡੀਅਮ, ਸਕੂਲ ਜਾਂ ਹਸਪਤਾਲ ਸਮੇਤ ਪੰਜ ਲੱਖ ਰੁਪਏ ਦੀ ਗ੍ਰਾਂਟ ਦਿੱਤੀ ਜਾਵੇਗੀ। ਉਨ੍ਹਾਂ ਪਿੰਡ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀ ਪੰਚਾਇਤ ਸਰਬਸੰਮਤੀ ਨਾਲ ਚੁਣ ਕੇ ਸੂਬੇ ਵਿੱਚ ਮਿਸਾਲ ਕਾਇਮ ਕਰਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣੇ ਜੱਦੀ ਪਿੰਡ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਗੇ ਵੀ ਪਿੰਡ ਦੇ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੋਵੇਗੀ ਅਤੇ ਇਹ ਸੂਬੇ ਦਾ ਮਾਡਲ ਪਿੰਡ ਬਣ ਕੇ ਉਭਰੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਚਾਇਤੀ ਰਾਜ ਪ੍ਰਣਾਲੀ ਨੂੰ ਮਜ਼ਬੂਤ ਕਰਨਾ ਚਾਹੁੰਦੀ ਹੈ, ਜਿਸ ਲਈ ਸੂਝਵਾਨ ਅਤੇ ਇਮਾਨਦਾਰ ਲੋਕਾਂ ਦੀ ਚੋਣ ਕੀਤੀ ਜਾਣੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਸੂਬਾ ਸਰਕਾਰ ਦੇ ਇਨ੍ਹਾਂ ਯਤਨਾਂ ਦੇ ਵਧੀਆ ਨਤੀਜੇ ਸਾਹਮਣੇ ਆਉਣਗੇ ਅਤੇ ਲੋਕਾਂ ਨੂੰ ਇਸ ਦਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਸੂਬੇ ਭਰ ਦੇ ਪਿੰਡਾਂ ਨੂੰ ਵਿਕਾਸ ਲਈ ਵੱਧ ਤੋਂ ਵੱਧ ਫੰਡ ਦੇ ਕੇ ਨਵਾਂ ਰੂਪ ਦਿੱਤਾ ਜਾਵੇਗਾ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਗ਼ਰੀਬੀ ਸਿਰਫ਼ ਲੀਡਰਾਂ ਦੇ ਬੋਲਾਂ ਨਾਲ ਖ਼ਤਮ ਨਹੀਂ ਹੋਵੇਗੀ, ਸਗੋਂ ਆਮ ਆਦਮੀ ਦੇ ਸ਼ਕਤੀਕਰਨ ਨਾਲ ਹੀ ਇਸ ਨੂੰ ਖ਼ਤਮ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਹੀ ਉਹ ਕੁੰਜੀ ਹੈ, ਜੋ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕ ਕੇ ਗਰੀਬੀ ਤੋਂ ਬਾਹਰ ਕੱਢ ਸਕਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਕੇ ਉਨ੍ਹਾਂ ਦੇ ਸ਼ਕਤੀਕਰਨ ਲਈ ਅਣਥੱਕ ਯਤਨ ਕਰ ਰਹੀ ਹੈ ਅਤੇ ਹੁਣ ਤੱਕ 44000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਚਾਇਤਾਂ ਜਮਹੂਰੀ ਪ੍ਰਣਾਲੀ ਦੀ ਨੀਂਹ ਹਨ ਅਤੇ ਇਸ ਨੂੰ ਹਰ ਤਰ੍ਹਾਂ ਨਾਲ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਪੰਚਾਂ ਦੀ ਚੋਣ ਪਿੰਡਾਂ ਲਈ ਹੋਣੀ ਚਾਹੀਦੀ ਹੈ, ਨਾ ਕਿ ਕਿਸੇ ਸਿਆਸੀ ਪਾਰਟੀ ਜਾਂ ਧੜੇ ਲਈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣਾ ਚਾਹੁੰਦੀ ਹੈ ਕਿ ਪੰਚਾਇਤਾਂ ਪਿੰਡਾਂ ਦੇ ਵਿਕਾਸ ਅਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਪ੍ਰੇਰਕ ਵਜੋਂ ਕੰਮ ਕਰਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਕਈ ਪਿੰਡਾਂ ਵਿੱਚ ਪਹਿਲਾਂ ਹੀ ਸਰਬਸੰਮਤੀ ਨਾਲ ਪੰਚਾਇਤਾਂ ਚੁਣੀਆਂ ਗਈਆਂ ਹਨ ਅਤੇ ਹੋਰ ਪਿੰਡਾਂ ਵਿੱਚ ਵੀ ਇਸ ਅਮਲ ਨੂੰ ਦੁਹਰਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਚਾਇਤਾਂ ਸਿਹਤਮੰਦ ਲੋਕਤੰਤਰ ਦੀ ਨੀਂਹ ਹਨ ਅਤੇ ਸੂਬਾ ਸਰਕਾਰ ਸ਼ਾਂਤੀਪੂਰਵਕ ਚੋਣਾਂ ਕਰਵਾਉਣ ਲਈ ਹਰ ਹੀਲਾ ਵਰਤੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੀ ਮੁਕੰਮਲ ਕਾਇਆ-ਕਲਪ ਕਰਨ ਲਈ ਵਚਨਬੱਧ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਕੰਮ ਤੋਂ ਵਾਂਝੇ ਕਰਨ ਵਾਲਾ ਕੋਈ ਵੀ ਕੇਂਦਰੀ ਕਾਨੂੰਨ ਸੂਬੇ ਵਿੱਚ ਲਾਗੂ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਇਸ ਲਈ ਹਰ ਚਾਰਾਜੋਈ ਕੀਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਕਿਸੇ ਨੂੰ ਵੀ ਸੂਬੇ ਅਤੇ ਇੱਥੋਂ ਦੇ ਲੋਕਾਂ ਦੇ ਹਿੱਤਾਂ ਨਾਲ ਖਿਲਵਾੜ ਨਹੀਂ ਕਰਨ ਦੇਵੇਗੀ।

pbpunjab additional image

the-chief-minister-appealed-to-the-villagers-to-unanimously-select-panchayats-for-development-


pbpunjab ad banner image
pbpunjab ad banner image
pbpunjab ad banner image pbpunjab ad banner image pbpunjab ad banner image

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com