ਤਿੰਨ ਉੱਤਰਾਖੰਡ ਨਿਵਾਸੀਆਂ ਸਣੇ ਚਾਰ ਵਿਅਕਤੀ ਗ੍ਰਿਫਤਾਰ ;ਸੱਤ ਆਧੁਨਿਕ ਪਿਸਤੌਲਾਂ ਬਰਾਮਦ
Oct1,2026
| Vazul Galhotra | Chandigarh
*— ਦੁਬਈ ਅਤੇ ਅਮਰੀਕਾ ਅਧਾਰਤ ਹੈਂਡਲਰਾਂ ਦੇ ਸੰਪਰਕ ਵਿੱਚ ਸਨ ਗ੍ਰਿਫਤਾਰ ਕੀਤੇ ਦੋਸ਼ੀ : ਡੀਜੀਪੀ ਗੌਰਵ ਯਾਦਵ*
*— ਵਿਦੇਸ਼ੀ ਹੈਂਡਲਰਾਂ ਦੇ ਇਸ਼ਾਰੇ ਤੇ ਗੈਰ-ਕਾਨੂੰਨੀ ਹਥਿਆਰ ਇਕੱਠੇ ਕਰਨ ਦਾ ਕੰਮ ਕਰ ਰਹੇ ਸਨ ਦੋਸ਼ੀ : ਆਈਜੀਪੀ ਗੁਰਪ੍ਰੀਤ ਭੁੱਲਰ*
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਗੁਰਦਾਸਪੁਰ ਪੁਲਿਸ ਨੇ ਅੰਤਰਰਾਜੀ ਹਥਿਆਰ ਤਸਕਰੀ ਕਰਨ ਵਾਲੇ ਰੈਕੇਟ ਦਾ ਪਰਦਾਫਾਸ਼ ਕਰਦਿਆਂ ਚਾਰ ਵਿਅਕਤੀਆਂ, ਜਿਨਾਂ ਵਿੱਚੋਂ ਤਿੰਨ ਉਤਰਾਖੰਡ ਦੇ ਰਹਿਣ ਵਾਲੇ ਹਨ, ਨੂੰ ਸੱਤ ਆਧੁਨਿਕ ਪਿਸਤੌਲਾਂ ਨਾਲ ਗ੍ਰਿਫਤਾਰ ਕੀਤਾ ਹੈ I ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿਤੀ ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਲਵਪ੍ਰੀਤ ਸਿੰਘ (26), ਲਵਪ੍ਰੀਤ ਸਿੰਘ (25) ਅਤੇ ਜਸ਼ਨਦੀਪ ਸਿੰਘ (25), ਸਾਰੇ ਵਾਸੀ ਸਿਤਾਰਗੰਜ, ਊਧਮ ਸਿੰਘ ਨਗਰ, ਉੱਤਰਾਖੰਡ ਅਤੇ ਹਰਜਿੰਦਰ ਸਿੰਘ (23), ਵਾਸੀ ਲਖਨ ਕਲਾਂ, ਕਲਾਨੌਰ, ਗੁਰਦਾਸਪੁਰ, ਵਜੋਂ ਹੋਈ ਹੈ।
ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਇੱਕ ਗਲੋਕ (ਆਸਟ੍ਰੀਆ ਦਾ ਬਣਿਆ), ਚਾਰ .30 ਬੋਰ (ਚੀਨ ਦੇ ਬਣੇ ) ਅਤੇ ਦੋ .30 ਬੋਰ ਪਿਸਤੌਲਾਂ ਸਮੇਤ ਅੱਠ ਮੈਗਜ਼ੀਨ ਸ਼ਾਮਲ ਹਨ। ਹਥਿਆਰ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੀ ਸਿਲਵਰ ਮਾਰੂਤੀ ਸਵਿਫਟ ਕਾਰ (ਯੂਕੇ 16 ਸੀ 0040) ਨੂੰ ਵੀ ਜ਼ਬਤ ਕਰ ਲਿਆ ਹੈ, ਜਿਸਦੀ ਵਰਤੋਂ ਉਹ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਕਰ ਰਹੇ ਸਨ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਦੁਬਈ ਅਤੇ ਅਮਰੀਕਾ ਸਥਿਤ ਹੈਂਡਲਰਾਂ ਨਾਲ ਸਬੰਧ ਸਨ, ਜਿਨਾਂ ਵੱਲੋਂ ਮੁਲਜ਼ਮਾਂ ਨੂੰ ਗੈਰ-ਕਾਨੂੰਨੀ ਹਥਿਆਰ ਬਰਾਮਦ ਕਰਨ ਦਾ ਕੰਮ ਸੌਪਿਆ ਗਿਆ ਸੀ ।
ਆਪ੍ਰੇਸ਼ਨ ਬਾਰੇ ਵੇਰਵੇ ਸਾਂਝੇ ਕਰਦੇ ਹੋਏ, ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਬਾਰਡਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਗੁਰਦਾਸਪੁਰ ਪੁਲਿਸ ਨੂੰ ਪੁਖ਼ਤਾ ਇਤਲਾਹ ਮਿਲੀ ਸੀ ਕਿ ਲਵਪ੍ਰੀਤ ਸਿੰਘ, ਲਵਪ੍ਰੀਤ ਸਿੰਘ, ਜਸ਼ਨਦੀਪ ਸਿੰਘ ਅਤੇ ਹਰਜਿੰਦਰ ਸਿੰਘ ਵਜੋਂ ਪਛਾਣੇ ਗਏ ਸ਼ੱਕੀਆਂ ਨੇ ਹਥਿਆਰਾਂ ਦੀ ਇੱਕ ਖੇਪ ਬਰਾਮਦ ਕੀਤੀ ਹੈ, ਜਿਸਨੂੰ ਉਹ ਅੱਗੇ ਸਪਲਾਈ ਕਰਨ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਤੇਜ਼ੀ ਨਾਲ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਨਾਕਾਬੰਦੀ ਕੀਤੀ ਅਤੇ ਆਪਣੀ ਕਾਰ ਵਿੱਚ ਜਾ ਰਹੇ ਚਾਰੇ ਦੋਸ਼ੀਆਂ ਨੂੰ ਸੱਤ ਗੈਰ-ਕਾਨੂੰਨੀ ਪਿਸਤੌਲਾਂ ਅਤੇ ਅੱਠ ਮੈਗਜ਼ੀਨਾਂ ਸਮੇਤ ਗ੍ਰਿਫ਼ਤਾਰ ਕਰ ਲਿਆ।
ਆਈਜੀਪੀ ਨੇ ਦੱਸਿਆ ਕਿ ਇਹ ਕਾਰਵਾਈ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਗੁਰਦਾਸਪੁਰ ਆਦਿੱਤਿਆ ਦੀ ਨਿਗਰਾਨੀ ਹੇਠ ਕੀਤੀ ਗਈ । ਉਨ੍ਹਾਂ ਅੱਗੇ ਕਿਹਾ ਕਿ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ ਅਤੇ ਅਗਲੇ -ਪਿਛਲੇ ਸਬੰਧ ਸਥਾਪਿਤ ਕੀਤੇ ਜਾ ਰਹੇ ਹਨ ।
ਇਸ ਸਬੰਧ ਵਿੱਚ ਐਫਆਈਆਰ ਨੰਬਰ 130 ਮਿਤੀ 1/10/2026 ਨੂੰ ਗੁਰਦਾਸਪੁਰ ਦੇ ਕਲਾਨੌਰ ਪੁਲਿਸ ਸਟੇਸ਼ਨ ਵਿਖੇ ਆਰਮਜ਼ ਐਕਟ ਦੀ ਧਾਰਾ 25 ਤਹਿਤ ਕੇਸ ਦਰਜ ਕੀਤਾ ਗਿਆ ਹੈ।
------
three-uttrakhand-residents-among-four-held-with-seven-sophisticated-pistols