ਸਰਵਜਨਕ ਸਿਹਤ ਸੰਸਥਾਵਾਂ ਵਿੱਚ ਲਾਪਰਵਾਹੀ ਅਤੇ ਭ੍ਰਿਸ਼ਟਾਚਾਰ ਲਈ ਬਿਲਕੁਲ ਬਰਦਾਸ਼ਤ ਨਹੀਂ – ਮੰਤਰੀ
ਪਾਣੀ ਵਾਲੀਆਂ ਟੈਂਕੀਆਂ ਦੇ ਢੱਕਣ ਚੋਰੀ ਹੋਣ ਦੇ ਮਾਮਲੇ ’ਤੇ ਮੰਤਰੀ ਵੱਲੋਂ ਤੁਰੰਤ ਪੁਲਿਸ ਕਾਰਵਾਈ ਦੇ ਹੁਕਮ
ਅੱਜ ਪੰਜਾਬ ਦੇ ਮਾਣਯੋਗ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸਿਵਲ ਹਸਪਤਾਲ ਲੁਧਿਆਣਾ ਦਾ ਦੌਰਾ ਕੀਤਾ ਤਾਂ ਜੋ ਇੱਥੇ ਦੀਆਂ ਸਹੂਲਤਾਂ ਅਤੇ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦੀ ਗੁਣਵੱਤਾ ਦੀ ਸਮੀਖਿਆ ਕੀਤੀ ਜਾ ਸਕੇ।
ਇਸ ਦੌਰਾਨ ਉਨ੍ਹਾਂ ਨੇ ਹਾਲੀਆ ਚੋਰੀ ਦੀਆਂ ਘਟਨਾਵਾਂ, ਵਿਸ਼ੇਸ਼ ਕਰਕੇ ਪਾਣੀ ਵਾਲੀਆਂ ਟੈਂਕੀਆਂ ਦੇ ਢੱਕਣ ਚੋਰੀ ਹੋਣ ਦੇ ਮਾਮਲੇ ਦੀ ਗੰਭੀਰ ਨੋਟਿਸ ਲੈਂਦੇ ਹੋਏ ਤੁਰੰਤ ਪੁਲਿਸ ਅਧਿਕਾਰੀਆਂ ਨੂੰ ਕਸੂਰਵਾਰਾਂ ਨੂੰ ਜਲਦੀ ਗ੍ਰਿਫ਼ਤਾਰ ਕਰਨ ਦੇ ਆਦੇਸ਼ ਜਾਰੀ ਕੀਤੇ। ਉਨ੍ਹਾਂ ਨੇ ਸਰਵਜਨਕ ਸਿਹਤ ਸੰਸਥਾਵਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ।
ਸਿਹਤ ਮੰਤਰੀ ਨੇ ਹਸਪਤਾਲ ਦੇ ਵੱਖ-ਵੱਖ ਵਾਰਡਾਂ ਦਾ ਦੌਰਾ ਕਰਦਿਆਂ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਰਾਬਤਾ ਕਰਕੇ ਸਿੱਧਾ ਫੀਡਬੈਕ ਲਿਆ। ਉਨ੍ਹਾਂ ਨੇ ਲੋਕਾਂ ਨੂੰ ਯਕੀਨ ਦਿਵਾਇਆ ਕਿ ਸਰਕਾਰ ਸਿਹਤ ਸੰਰਚਨਾ ਨੂੰ ਬਿਹਤਰ ਬਣਾਉਣ ਅਤੇ ਹਰ ਕਿਸੇ ਲਈ ਗੁਣਵੱਤਾਪੂਰਕ ਇਲਾਜ ਸੂਨਿਸ਼ਚਤ ਕਰਨ ਲਈ ਵਚਨਬੱਧ ਹੈ।
ਭ੍ਰਿਸ਼ਟਾਚਾਰ ਨੂੰ ਲੈ ਕੇ ਸਖਤ ਸੁਨੇਹਾ ਦਿੰਦਿਆਂ, ਡਾ. ਬਲਬੀਰ ਸਿੰਘ ਨੇ ਕਿਹਾ, “ਜੇਕਰ ਕੋਈ ਕਰਮਚਾਰੀ ਕੰਮ ਲਈ ਰਿਸ਼ਵਤ ਲੈਂਦਾ ਪਾਇਆ ਗਿਆ, ਤਾਂ ਉਸ ਖ਼ਿਲਾਫ਼ ਤੁਰੰਤ ਸਖਤ ਕਾਰਵਾਈ ਕੀਤੀ ਜਾਵੇਗੀ।” ਉਨ੍ਹਾਂ ਨੇ ਹਸਪਤਾਲ ਸਟਾਫ ਨੂੰ ਇਮਾਨਦਾਰੀ ਨਾਲ ਆਪਣਾ ਫਰਜ ਨਿਭਾਉਣ ਦੀ ਨਸੀਹਤ ਦਿੱਤੀ ਅਤੇ ਯਾਦ ਦਿਵਾਇਆ ਕਿ, “ਇਹ ਤੁਹਾਡਾ ਹਸਪਤਾਲ ਹੈ, ਅਤੇ ਤੁਹਾਡੀ ਜ਼ਿੰਮੇਵਾਰੀ ਹੈ ਕਿ ਤੁਸੀਂ ਇਸ ਨੂੰ ਇਮਾਨਦਾਰੀ ਅਤੇ ਨਿਸ਼ਠਾ ਨਾਲ ਚਲਾਓ।”
ਕੋਵਿਡ-19 ਸੰਬੰਧੀ ਚਿੰਤਾਵਾਂ ’ਤੇ ਗੱਲ ਕਰਦਿਆਂ, ਮੰਤਰੀ ਨੇ ਦੱਸਿਆ ਕਿ ਹਾਲਾਤ ਪੂਰੀ ਤਰ੍ਹਾਂ ਨਿਯੰਤਰਣ ਵਿੱਚ ਹਨ ਅਤੇ ਲੋਕਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ। ਉਨ੍ਹਾਂ ਨੇ ਭੀੜ-ਭਾੜ ਵਾਲੇ ਸਥਾਨਾਂ ਵਿੱਚ ਮਾਸਕ ਪਾਉਣ ਅਤੇ ਸਫਾਈ ਬਰਕਰਾਰ ਰੱਖਣ ਵਰਗੀਆਂ ਕੋਵਿਡ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ।
ਡੇਂਗੂ ਰੋਕਥਾਮ ਬਾਰੇ ਜਾਣਕਾਰੀ ਦਿੰਦਿਆਂ, ਮੰਤਰੀ ਨੇ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਘਰ-ਘਰ ਜਾ ਕੇ ਮੱਛਰਾਂ ਦੀ ਬਰੀਡਿੰਗ ਰੋਕਣ ਲਈ ਜਾਂਚ ਕਰ ਰਹੀਆਂ ਹਨ ਅਤੇ ਲੋਕਾਂ ਨੂੰ ਲੱਛਣਾਂ ਅਤੇ ਬਚਾਅ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ "ਹਰ ਸ਼ੁੱਕਰਵਾਰ, ਡੇਂਗੂ ‘ਤੇ ਵਾਰ” ਮੁਹਿੰਮ ਵਿੱਚ ਸਰਗਰਮ ਭਾਗੀਦਾਰੀ ਕਰਨ ਅਤੇ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ।
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)