ਹਲਕਾ ਦਿੜ੍ਹਬਾ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹਾਂ - ਹਰਪਾਲ ਸਿੰਘ ਚੀਮਾ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਦਿੜ੍ਹਬਾ ਦੇ ਪਿੰਡ ਸਮੂਰਾਂ ਵਿਖੇ ਕਰੀਬ 58 ਲੱਖ ਰੁਪਏ ਦੀ ਲਾਗਤ ਨਾਲ ਗੰਦੇ ਪਾਣੀ ਦੀ ਨਿਕਾਸੀ ਲਈ ਪਾਈਪਲਾਈਨ ਪ੍ਰੋਜੈਕਟ ਦੀ ਕਹੀ ਨਾਲ ਟੱਕ ਲਗਾ ਕੇ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਦਿੜ੍ਹਬਾ ਦੇ ਸਰਵਪੱਖੀ ਵਿਕਾਸ ਲਈ ਉਹ ਪੂਰੀ ਤਰ੍ਹਾਂ ਵਚਨਬੱਧ ਹਨ ਅਤੇ ਹਲਕਾ ਨਿਵਾਸੀਆਂ ਦੀਆਂ ਲੋੜਾਂ ਨੂੰ ਤਰਜੀਹੀ ਆਧਾਰ ਉੱਤੇ ਪੂਰਾ ਕਰਨ ਲਈ ਯੋਜਨਾਬੱਧ ਢੰਗ ਨਾਲ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਲਕੇ ਦੇ ਪਿੰਡ ਸਮੂਰਾਂ ਵਿਖੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿੰਡਾਂ ਵਿੱਚ ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਕਈ ਹੋਰ ਸਮੱਸਿਆਵਾਂ ਨੂੰ ਪੈਦਾ ਕਰਦੀ ਹੈ ਅਤੇ ਇਸੇ ਔਕੜ ਦੇ ਸਥਾਈ ਹੱਲ ਲਈ ਇਹ ਪਾਈਪਲਾਈਨ ਪ੍ਰੋਜੈਕਟ ਉਲੀਕਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਕਰੀਬ 3.50 ਕਿਲੋਮੀਟਰ ਲੰਬਾ ਇਹ ਪਾਈਪਲਾਈਨ ਪ੍ਰੋਜੈਕਟ ਅਧਿਕਾਰੀਆਂ ਨੂੰ ਅਗਲੇ ਇੱਕ ਮਹੀਨੇ ਅੰਦਰ ਮੁਕੰਮਲ ਕਰਨ ਦੀ ਹਦਾਇਤ ਕੀਤੀ ਗਈ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸਮੂਰਾਂ ਸਮੇਤ ਸਮੂਹ ਪਿੰਡਾਂ ਅਤੇ ਸ਼ਹਿਰ ਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। ਉਨ੍ਹਾਂ ਕਿਹਾ ਕਿ ਪਿਛਲੇ ਇੱਕ ਸਾਲ ਅੰਦਰ ਹੀ ਇਸ ਪਿੰਡ ਦੇ ਕਾਇਆ ਕਲਪ ਵਜੋਂ ਛੱਪੜ ਨੂੰ ਸੀਚੇਵਾਲ ਮਾਡਲ ਵਜੋਂ ਵਿਕਸਤ ਕਰਨ ਲਈ 10 ਲੱਖ ਰੁਪਏ, ਪਾਰਕ ਲਈ 5 ਲੱਖ ਰੁਪਏ ਅਤੇ ਸਕੂਲ ਵਿੱਚ ਖੇਡ ਮੈਦਾਨ ਤਿਆਰ ਕਰਨ ਲਈ 8 ਲੱਖ ਰੁਪਏ ਦੀ ਗ੍ਰਾਂਟ ਦਿੱਤੀ ਗਈ ਹੈ ਅਤੇ ਭਵਿੱਖ ਵਿੱਚ ਵੀ ਉਹ ਪਿੰਡ ਵਾਸੀਆਂ ਦੀਆਂ ਲੋੜਾਂ ਪੂਰੀਆਂ ਕਰਨ ਲਈ ਯਤਨਸ਼ੀਲ ਰਹਿਣਗੇ।
Punjab-Finance-Minister-Harpal-Singh-Cheema
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)