ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਤ ਕਸਬਾ ਘੁਮਾਣ ਦੇ ਪਿੰਡ ਸਖੋਵਾਲ ਦੇ ਗੁਰਦੁਆਰਾ ਸਾਹਿਬ ਵਿਖੇ ਬਿਜਲੀ ਦਾ ਸ਼ਾਰਟ ਸਰਕਟ ਹੋਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਤਿੰਨ ਪਾਵਨ ਸਰੂਪ ਅਗਨ ਭੇਟ ਹੋਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੁੱਖ ਪ੍ਰਗਟਾਇਆ ਹੈ। ਘਟਨਾ ਦਾ ਪਤਾ ਲੱਗਣ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਅੰਤ੍ਰਿੰਗ ਮੈਂਬਰ ਸ. ਸੁਰਜੀਤ ਸਿੰਘ ਤੁਗਲਵਾਲ ਦੀ ਅਗਵਾਈ ਹੇਠ ਪ੍ਰਚਾਰਕ ਭਾਈ ਗੁਰਭੇਜ ਸਿੰਘ, ਭਾਈ ਲਵਲਪ੍ਰੀਤ ਸਿੰਘ ਤੇ ਭਾਈ ਕੁਲਵੰਤ ਸਿੰਘ ਮੌਕੇ ’ਤੇ ਪੁੱਜੇ, ਜਿਨ੍ਹਾਂ ਨੇ ਵਾਪਰੀ ਘਟਨਾ ਦੀ ਮੁਕੰਮਲ ਜਾਣਕਾਰੀ ਹਾਸਲ ਕੀਤੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਬਹੁਤ ਵਾਰੀ ਸੰਗਤਾਂ ਨੂੰ ਅਪੀਲ ਕੀਤੀ ਗਈ ਹੈ ਕਿ ਸੇਵਾਦਾਰਾਂ ਦੀ ਗੈਰ ਹਾਜ਼ਰੀ ਵਿਚ ਬਿਜਲੀ ਉਪਕਰਣਾਂ ਨੂੰ ਚਾਲੂ ਨਾ ਰੱਖਿਆ ਜਾਵੇ ਪਰ ਦੁੱਖ ਦੀ ਗੱਲ ਹੈ ਕਿ ਪ੍ਰਬੰਧਕ ਕਮੇਟੀਆਂ ਇਸ ’ਤੇ ਧਿਆਨ ਨਹੀਂ ਦਿੰਦੀਆਂ। ਉਨ੍ਹਾਂ ਕਿਹਾ ਕਿ ਤਾਜ਼ਾ ਘਟਨਾ ਵੀ ਬਿਜਲੀ ਦੇ ਪੱਖੇ ਦਾ ਸਰਕਟ ਸ਼ਾਰਟ ਹੋਣ ਕਰਕੇ ਵਾਪਰੀ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਕਮੇਟੀਆਂ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਅਜਿਹੇ ਹਾਦਸਿਆਂ ਨੂੰ ਰੋਕਣ ਲਈ ਸੰਜੀਦਾ ਹੋਣ ਅਤੇ ਗੁਰਦੁਆਰਾ ਸਾਹਿਬਾਨ ਅੰਦਰ ਬਿਜਲੀ ਦੀਆਂ ਤਾਰਾਂ ਅਤੇ ਉਪਕਰਣਾਂ ਦਾ ਸਮੇਂ-ਸਮੇ ਨਰੀਖਣ ਕਰਦੇ ਰਹਿਣ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਅੰਦਰ ਹਰ ਸਮੇਂ ਇੱਕ ਸੇਵਾਦਾਰ ਦਾ ਰਹਿਣਾ ਵੀ ਲਾਜ਼ਮੀ ਬਣਾਇਆ ਜਾਵੇ ਤਾਂ ਜੋ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਸਮੇਂ-ਸਮੇਂ ਗੁਰਦੁਆਰਾ ਸਾਹਿਬਾਨ ਦੀਆਂ ਕਮੇਟੀਆਂ ਨੂੰ ਸੁਚੇਤ ਕਰਦੇ ਰਹਿਣ।
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)