ਪੰਜਾਬ ’ਚ ਹੜ੍ਹਾਂ ਦੀ ਮਾਰ ਝੱਲ ਰਹੇ ਲੋਕਾਂ ਦੀ ਮੱਦਦ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰਾਹਤ ਕਾਰਜ ਲਗਾਤਾਰ ਜਾਰੀ ਹਨ ਅਤੇ ਇਸ ਤਹਿਤ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਤੋਂ ਲੰਗਰ ਅਤੇ ਹੋਰ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੜ੍ਹ ਦੇ ਕਾਰਨ ਕਈ ਰੇਲ ਗੱਡੀਆਂ ਪ੍ਰਭਾਵਿਤ ਅਤੇ ਰੱਦ ਹੋਈਆਂ ਹਨ, ਜਿਸ ਕਰਕੇ ਵੱਡੀ ਗਿਣਤੀ ’ਚ ਯਾਤਰੀ ਸਟੇਸ਼ਨਾਂ ਉੱਤੇ ਫਸੇ ਹੋਏ ਹਨ। ਉਨ੍ਹਾਂ ਦੱਸਿਆ ਕਿ ਸ੍ਰੀ ਅੰਮ੍ਰਿਤਸਰ ਰੇਲਵੇ ਸਟੇਸ਼ਨ ’ਤੇ ਵੀ ਵੱਡੀ ਗਿਣਤੀ ਵਿਚ ਮੁਸਾਫਰ ਰੇਲਾਂ ਚੱਲਣ ਦਾ ਇੰਤਜਾਰ ਕਰ ਰਹੇ ਹਨ ਜਿਨ੍ਹਾਂ ਲਈ ਸ੍ਰੀ ਦਰਬਾਰ ਸਾਹਿਬ ਤੋਂ ਲੰਗਰ ਭੇਜਿਆ ਗਿਆ ਹੈ। ਸ. ਪ੍ਰਤਾਪ ਸਿੰਘ ਨੇ ਕਿਹਾ ਕਿ ਪੰਜਾਬ ਅੰਦਰ ਹੜ੍ਹਾਂ ਵਾਲੀ ਸਥਿਤੀ ਕਾਰਨ ਵੱਖ-ਵੱਖ ਇਲਾਕਿਆਂ ’ਚ ਘਰਾਂ ਅੰਦਰ ਪਾਣੀ ਆ ਜਾਣ ਕਰਕੇ ਵੱਡੀ ਪੱਧਰ ’ਤੇ ਲੋਕ ਪ੍ਰਭਾਵਿਤ ਹੋਏ ਹਨ, ਜਿਨ੍ਹਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਕਾਰਜਸ਼ੀਲ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਵੱਖ-ਵੱਖ ਗੁਰਦੁਆਰਿਆਂ ਤੋਂ ਰਾਹਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਸ਼੍ਰੋਮਣੀ ਕਮੇਟੀ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ, ਗੁਰਦੁਆਰਾ ਸ੍ਰੀ ਪਤਾਲਪੁਰੀ ਸਾਹਿਬ, ਕੀਰਤਪੁਰ ਸਾਹਿਬ, ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਪਟਿਆਲਾ, ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ, ਗੁਰਦੁਆਰਾ ਸ੍ਰੀ ਚਮਕੌਰ ਸਾਹਿਬ, ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਹਾਦਰਗੜ੍ਹ ਪਟਿਆਲਾ, ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ, ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ, ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ, ਗੁਰਦੁਆਰਾ ਦੇਗਸਰ ਸਾਹਿਬ ਕਟਾਣਾ, ਗੁਰਦੁਆਰਾ ਸ੍ਰੀ ਚਰਨਕੰਵਲ ਸਾਹਿਬ ਮਾਛੀਵਾੜਾ, ਗੁਰਦੁਆਰਾ ਸ੍ਰੀ ਸੁਖਚੈਨਆਣਾ ਸਾਹਿਬ ਫਗਵਾੜਾ, ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬ੍ਹੋ, ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ ਸੰਗਰੂਰ, ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਗੋਇੰਦਵਾਲ ਸਾਹਿਬ, ਗੁਰਦੁਆਰਾ ਸ੍ਰੀ ਬਾਉਲੀ ਡੱਲਾ, ਗੁਰਦੁਆਰਾ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਆਦਿ ਤੋਂ ਪ੍ਰਭਾਵਿਤਾਂ ਨੂੰ ਤਿਆਰ ਕੀਤਾ ਲੰਗਰ, ਰਸਦਾਂ ਅਤੇ ਹੋਰ ਲੋੜੀਂਦੀਆਂ ਵਸਤੂਆਂ ਪਹੁੰਚਾਈਆਂ ਗਈਆਂ ਹਨ। ਸ਼੍ਰੋਮਣੀ ਕਮੇਟੀ ਸਕੱਤਰ ਨੇ ਦੱਸਿਆ ਕਿ ਇਸੇ ਤਰ੍ਹਾਂ ਸਿਹਤ ਸਹੂਲਤਾਂ ਲਈ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਵੱਲ੍ਹਾ ਤੋਂ 3 ਮੈਡੀਕਲ ਵੈਨਾਂ ਵੀ ਵੱਖ-ਵੱਖ ਖੇਤਰਾਂ ਵਿਚ ਸੇਵਾਵਾਂ ਨਿਭਾ ਰਹੀਆਂ ਹਨ। ਇਹ ਮੈਡੀਕਲ ਟੀਮਾਂ ਪੀੜਤ ਲੋਕਾਂ ਤੱਕ ਪਾਹੁੰਚ ਕੇ ਉਨ੍ਹਾਂ ਨੂੰ ਮੈਡੀਕਲ ਸਹੂਲਤ ਤੇ ਫਰੀ ਦਵਾਈਆਂ ਦੇ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਹੜ੍ਹਾਂ ਕਾਰਨ ਹਿਮਾਚਲ ਸਥਿਤ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਨ ਗਈਆਂ ਕਈ ਸੰਗਤਾਂ ਹਿਮਾਚਲ ਵਿਚ ਫਸੀਆਂ ਹੋਈਆਂ ਹਨ ਜਿਨ੍ਹਾਂ ਦੀ ਸਹਾਇਤ ਲਈ ਵੀ ਸ਼੍ਰੋਮਣੀ ਕਮੇਟੀ ਕਾਰਜਸ਼ੀਲ ਹੈ। ਇਨ੍ਹਾਂ ਲੋਕਾਂ ਨਾਲ ਸੰਪਰਕ ਕਰਕੇ ਹਰ ਤਰ੍ਹਾਂ ਦੀ ਸਹਾਇਤਾ ਲਈ ਹਿਮਾਚਲ ਪ੍ਰਦੇਸ਼ ਤੋਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਦੇ ਨਾਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਦੀ ਡਿਊਟੀ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਹੜ੍ਹ ਪੀੜ੍ਹਤਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਦੀ ਲਗਾਤਾਰ ਨਜ਼ਰਸਾਨੀ ਕਰ ਰਹੇ ਹਨ ਅਤੇ ਉਨ੍ਹਾਂ ਦੇ ਨਿਰਦੇਸ਼ ਹਨ ਕਿ ਜਿਨ੍ਹਾਂ ਚਿਰ ਤੱਕ ਪ੍ਰਭਾਵਿਤ ਲੋਕਾਂ ਨੂੰ ਲੋੜ ਹੋਵੇਗੀ ਓਨੀ ਦੇਰ ਸੇਵਾਵਾਂ ਜਾਰੀ ਰੱਖੀਆਂ ਜਾਣ।
The-Shiromani-Committee-Continues-To-Provide-Relief-Services-For-The-Flood-Affected-People
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)