ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤਕ ਪਰੰਪਰਾ ਅਨੁਸਾਰ ਨਗਰ ਕੀਰਤਨ ਸਜਾਇਆ ਗਿਆ, ਜਿਸ ਦੀ ਆਰੰਭਤਾ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਹਜ਼ੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਮਗਰੋਂ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸਰਵਣ ਕਰਾਇਆ। ਇਸ ਮੌਕੇ ਵਿਚਾਰ ਸਾਂਝੇ ਕਰਦਿਆਂ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਪਹਿਲੇ ਪ੍ਰਕਾਸ਼ ਗੁਰਪੁਰਬ ਦੀ ਸਿੱਖ ਜਗਤ ਨੂੰ ਵਧਾਈ ਦਿੱਤੀ ਅਤੇ ਇਸ ਦਿਹਾੜੇ ਦੇ ਇਤਿਹਾਸ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਪੰਜਵੇਂ ਪਾਤਸ਼ਾਹ ਜੀ ਵੱਲੋਂ ਸੰਨ 1604 ਈ: ਵਿਚ ਆਪ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤਾ ਸੀ। ਇਹ ਪਾਵਨ ਦਿਹਾੜਾ ਸਿੱਖ ਜਗਤ ਵੱਲੋਂ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾਂਦਾ ਹੈ। ਉਨ੍ਹਾਂ ਸੰਗਤਾਂ ਨੂੰ ਪਹਿਲੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਪ੍ਰੇਰਣਾ ਕੀਤੀ।
ਇਸੇ ਦੌਰਾਨ ਨਗਰ ਕੀਰਤਨ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਤਾਬਿਆ ਬੈਠ ਚੌਰ ਸਾਹਿਬ ਦੀ ਸੇਵਾ ਵੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਵੱਲੋਂ ਕੀਤੀ ਗਈ। ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਕਰ ਰਹੇ ਸਨ ਅਤੇ ਨਗਰ ਕੀਰਤਨ ਸਮੇਂ ਸਿੱਖ ਨੌਜੁਆਨਾਂ ਨੇ ਗਤਕਾ ਪ੍ਰਦਰਸ਼ਨ ਵੀ ਕੀਤਾ। ਨਗਰ ਕੀਰਤਨ ਲਗਭਗ ਇਕ ਘੰਟੇ ਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜ ਕੇ ਸੰਪਨ ਹੋਇਆ। ਨਗਰ ਕੀਰਤਨ ’ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ
ਸਮੇਤ ਅਨੇਕਾਂ ਮੈਂਬਰ ਸ਼੍ਰੋਮਣੀ ਕਮੇਟੀ, ਪੰਥਕ ਹਸਤੀਆਂ, ਸ਼੍ਰੋਮਣੀ ਕਮੇਟੀ ਅਧਿਕਾਰੀ ਅਤੇ ਵੱਡੀ ਗਿਣਤੀ ਚ ਸੰਗਤਾਂ ਨੇ ਸ਼ਮੂਲੀਅਤ ਕੀਤੀ।
ਪ੍ਰਕਾਸ਼ ਪੁਰਬ ਦੇ ਸਬੰਧ ਚ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਅਤੇ ਗੁਰੂਦੁਆਰਾ ਬਾਬਾ ਅੱਟਲ ਰਾਏ ਵਿਖੇ ਪਵਿਤਰ ਜਲੌਅ ਸਜਾਏ ਗਏ।
ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਬਾਬਾ ਅਟੱਲ ਰਾਇ ਸਾਹਿਬ ਵਿਖੇ ਸਵੇਰੇ 9 ਵਜੇ ਤੋਂ ਦੁਪਹਿਰ 12 ਵਜੇ ਤਕ ਸਜਾਏ ਗਏ ਪਵਿੱਤਰ ਅਲੌਕਿਕ ਜਲੌਅ ਸੰਗਤ ਲਈ ਖਿੱਚ ਦਾ ਕੇਂਦਰ ਬਣੇ। ਇਸ ਤੋਂ ਇਲਾਵਾ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਕੀਤੀ ਗਈ ਫੁੱਲਾਂ ਦੀ ਅਤਿ ਸੁੰਦਰ ਸਜਾਵਟ ਵੀ ਮਨਮੋਹਕ ਦ੍ਰਿਸ਼ ਪੇਸ਼ ਕਰ ਰਹੀ ਸੀ।
ਸ਼ਾਮ ਵੇਲੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਅਤੇ ਆਤਿਸ਼ਬਾਜੀ ਕੀਤੀ ਜਾਵੇਗੀ।
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)